Land Pooling Policy: ਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦਾ ਇਹ ਫ਼ੈਸਲਾ ਪੰਜਾਬ ਸਰਕਾਰ ਲਈ ਇੱਕ ਵੱਡਾ ਝਟਕਾ ਹੈ, ਕਿਉਂਕਿ ਸੂਬਾ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਚਾਰ ਕਰ ਰਹੀ ਸੀ ਜਦੋਂ ਕਿ ਕਿਸਾਨਾਂ ਨੇ ਇਸ ਨੀਤੀ ਖ਼ਿਲਾਫ਼ ਜਨਤਿਕ ਬਿਗਲ ਵਜਾਇਆ ਹੋਇਆ ਹੈ। ਪੰਜਾਬ ਸਰਕਾਰ ਹੁਣ ਚਾਰ ਹਫ਼ਤਿਆਂ ਬਾਅਦ ਆਪਣਾ ਜੁਆਬਦਾਵਾ ਪੇਸ਼ ਕਰੇਗੀ।
ਇਹ ਹੁਕਮ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਦੀਪਕ ਮਨਚੰਦਾ ਦੇ ਡਿਵੀਜ਼ਨ ਬੈਂਚ ਨੇ ਸੁਣਾਏ ਹਨ। ਬੈਂਚ ਅੱਜ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਇਆ। ਅੱਜ ਅਦਾਲਤ ਵਿੱਚ ਸੁਣਵਾਈ ਮਗਰੋਂ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਦੇ ਅਮਲ-ਦਰਾਮਦ ’ਤੇ ਚਾਰ ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ।
ਦੂਜੇ ਪਾਸੇ ਇਹ ਪੰਜਾਬ ਦੇ ਪ੍ਰਭਾਵਿਤ ਕਿਸਾਨਾਂ ਲਈ ਇਹ ਰਾਹਤ ਭਰਿਆ ਫ਼ੈਸਲਾ ਆਇਆ ਹੈ। ਲੁਧਿਆਣਾ ਜ਼ਿਲ੍ਹੇ ਦੇ ਕਿਸਾਨ ਗੁਰਦੀਪ ਸਿੰਘ ਅਤੇ ਇੱਕ ਹੋਰ ਪਟੀਸ਼ਨਰ ਵੱਲੋਂ ਅਦਾਲਤ ਵਿੱਚ ਲੋਕ ਹਿਤ ਪਟੀਸ਼ਨ ਦਾਇਰ ਕਰਕੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ।
ਅੱਜ ਸੂਬਾ ਸਰਕਾਰ ਤਰਫ਼ੋਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਹਾਜ਼ਰ ਸਨ। ਪਟੀਸ਼ਨਰ ਦੇ ਵਕੀਲ ਚਰਨਪਾਲ ਸਿੰਘ ਬਾਗੜੀ ਨੇ ਦੱਸਿਆ ਕਿ ਲੈਂਡ ਪੂਲਿੰਗ ਨੀਤੀ ’ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ ਅਤੇ ਵਿਸਥਾਰਤ ਆਰਡਰ ਹਾਲੇ ਆਉਣਾ ਬਾਕੀ ਹੈ।
ਐਡਵੋਕੇਟ ਬਾਗੜੀ ਨੇ ਦੱਸਿਆ ਕਿ ਅਦਾਲਤ ਨੇ ਲੈਂਡ ਪੂਲਿੰਗ ਨੀਤੀ ਦੇ ਮਾਮਲੇ ’ਤੇ ‘ਸੋਸ਼ਲ ਇੰਪੈਕਟ ਅਸੈਸਮੈਂਟ’ ਨਾ ਕਰਾਏ ਜਾਣ ਦਾ ਨੋਟਿਸ ਲੈਂਦਿਆਂ ਰੋਕ ਲਗਾਈ ਹੈ। ਉਨ੍ਹਾਂ ਦੱਸਿਆ ਕਿ ਬਹਿਸ ਦੌਰਾਨ ਭੌਂ ਪ੍ਰਾਪਤੀ ਐਕਟ 2013 ਦੀ ਉਲੰਘਣਾ ਕਰ ਕੇ ਇਸ ਨੀਤੀ ਦਾ ਨੋਟੀਫ਼ਿਕੇਸ਼ਨ ਕੀਤੇ ਜਾਣ ’ਤੇ ਫੋਕਸ ਰਿਹਾ।
ਬਹਿਸ ਦੌਰਾਨ ਇਹ ਗੱਲ ਉੱਠੀ ਕਿ ਜਿਨ੍ਹਾਂ ਬੇਜ਼ਮੀਨਿਆਂ ਅਤੇ ਮਜ਼ਦੂਰਾਂ ਦੀ ਇਨ੍ਹਾਂ ਜ਼ਮੀਨਾਂ ’ਤੇ ਨਿਰਭਰਤਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਕੋਈ ਵਿਵਸਥਾ ਲੈਂਡ ਪੂਲਿੰਗ ਨੀਤੀ ਵਿੱਚ ਨਹੀਂ ਹੈ। ਬਾਗੜੀ ਨੇ ਦੱਸਿਆ ਕਿ ਇਸ ਨੀਤੀ ’ਚ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ, ਕੋਈ ਮੁਆਵਜ਼ਾ ਨਹੀਂ ਤੇ ਨਾ ਹੀ ਬਜਟ ਦੀ ਐਲੋਕੇਸ਼ਨ ਹੈ।
ਇੱਕ ਹੋਰ ਪਟੀਸ਼ਨਰ ਗੁਰਦੀਪ ਸਿੰਘ ਦੇ ਐਡਵੋਕੇਟ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਅਦਾਲਤ ਨੇ ਸੁਪਰੀਮ ਕੋਰਟ ਦੇ 2023 ਦੇ ਇੱਕ ਫ਼ੈਸਲੇ ਦਾ ਹਵਾਲਾ ਵੀ ਦਿੱਤਾ ਹੈ ਕਿ ਸ਼ਹਿਰੀ ਵਿਕਾਸ ਤੋਂ ਪਹਿਲਾਂ ਵਾਤਾਵਰਨ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਅਸੈਸਮੈਂਟ ਕਰਾਉਣੀ ਜ਼ਰੂਰੀ ਹੈ। ਅਦਾਲਤ ’ਚ ਅੱਜ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੇ ਨੀਤੀ ਦੇ ਪੱਖ ’ਚ ਤਰਕ ਪੇਸ਼ ਕੀਤੇ। ਅਦਾਲਤ ਦੇ ਇਸ ਫ਼ੈਸਲੇ ਨੇ ਪੰਜਾਬ ਸਰਕਾਰ ਲਈ ਇਸ ਨੀਤੀ ਨੂੰ ਅਮਲ ਵਿੱਚ ਲਿਆਉਣ ਦੇ ਰਾਹ ਔਖੇ ਕਰ ਦਿੱਤੇ ਹਨ।
ਚੇਤੇ ਰਹੇ ਕਿ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਦੇ 24 ਸ਼ਹਿਰਾਂ ਅਤੇ ਕਸਬਿਆਂ ਵਿੱਚ 65,533 ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ ਬਣਾਈ ਸੀ।