ਲੈਂਡ ਪੂਲਿੰਗ ਨੀਤੀ: ਕਿਸਾਨਾਂਂ ਵੱਲੋਂ ਟਰੈਕਟਰ ਮਾਰਚ ਲਈ ਲਾਮਬੰਦੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਵੱਲੋਂ ਬੁੱਧਵਾਰ, ਤੀਹ ਜੁਲਾਈ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਟਰੈਕਟਰ ਮਾਰਚ ’ਚ ਵੱਡੇ ਪੱਧਰ ’ਤੇ ਸ਼ਮੂਲੀਅਤ ਲਈ ਅੱਜ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਲਾਮਬੰਦੀ ਕੀਤੀ ਗਈ।
ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਪਰਮਦੀਪ ਸਿੰਘ ਬੈਦਵਾਣ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਸਰਪੰਚ ਕਰਾਲਾ, ਲੱਖੇਵਾਲ ਗਰੁੱਪ ਦੇ ਸੂਬਾਈ ਆਗੂ ਜਸਪਾਲ ਸਿੰਘ ਨਿਆਮੀਆਂ, ਗੁਰਪ੍ਰੀਤ ਸਿੰਘ ਖੂਨੀਮਾਜਰਾ, ਜਸਵੰਤ ਸਿੰਘ ਮਾਣਕਮਾਜਰਾ, ਜਸਪਾਲ ਸਿੰਘ ਲਾਂਡਰਾਂ, ਗੁਰਵਿੰਦਰ ਸਿੰਘ ਸਿਆਊ, ਹਰਨੇਕ ਸਿੰਘ, ਸੁਖਚੈਨ ਸਿੰਘ ਚਿੱਲਾ ਆਦਿ ਨੇ ਦੱਸਿਆ ਕਿ ਟਰੈਕਟਰ ਮਾਰਚ ਉਨ੍ਹਾਂ ਪਿੰਡਾਂ ਵਿੱਚ ਜਾਵੇਗਾ, ਜਿਨ੍ਹਾਂ ਪਿੰਡਾਂ ਦੀ ਜ਼ਮੀਨ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਤਹਿਤ ਐਕੁਆਇਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਸਾਰੇ ਟਰੈਕਟਰ ਪਿੰਡ ਸਨੇਟਾ ਦੇ ਪੈਟਰੋਲ ਪੰਪ ’ਤੇ ਇਕੱਠੇ ਹੋਣਗੇ। ਇਸ ਉਪਰੰਤ ਦੈੜੀ, ਸਿਆਊ, ਮਟਰਾਂ, ਬੜੀ, ਕੁਰੜੀ, ਬਾਕਰਪੁਰ, ਕਿਸ਼ਨਪੁਰਾ, ਪੱਤੋਂ ਆਦਿ ਪਿੰਡਾਂ ਵਿਚ ਘੁੰਮ ਕੇ ਕਿਸਾਨਾਂ ਨੂੰ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਜਾਗਰੂਕ ਕੀਤਾ ਜਾਵੇਗਾ। ਇਹ ਮਾਰਚ ਪਿੰਡ ਬਾਕਰਪੁਰ ਅਤੇ ਕੁਰੜੀ ਵਿੱਚ ਸਮਾਪਤ ਹੋਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਉਪਰੋਕਤ ਪਿੰਡਾਂ ਵਿਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਟਰੈਕਟਰਾਂ ਸਣੇ ਸ਼ਾਮਲ ਹੋਣ ਲਈ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਟਰੈਕਟਰ ਮਾਰਚ ਪ੍ਰਤੀ ਬੇਮਿਸਾਲ ਉਤਸ਼ਾਹ ਹੈ ਅਤੇ ਕਿਸਾਨ ਕਿਸੇ ਵੀ ਕੀਮਤ ਉੱਤੇ ਆਪਣੀਆਂ ਜ਼ਮੀਨਾਂ ਸਰਕਾਰ ਨੂੰ ਦੇਣ ਲਈ ਤਿਆਰ ਨਹੀਂ ਹਨ।