ਭਾਜਪਾ ਦਫ਼ਤਰ ਘੇਰਨ ਜਾਂਦੇ ਕਾਂਗਰਸੀਆਂ ’ਤੇ ਲਾਠੀਚਾਰਜ
ਆਤਿਸ਼ ਗੁਪਤਾ
ਚੰਡੀਗੜ੍ਹ, 9 ਫਰਵਰੀ
ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿਖੇ ਦੇਸ਼ ਵਿੱਚ ਲਗਾਤਾਰ ਵੱਧ ਰਹੀ ਬੇਰੁਜ਼ਗਾਰੀ, ਨਸ਼ਾਖੋਰੀ, ਮਹਿੰਗਾਈ ਅਤੇ ਅਮਰੀਕਾ ਵੱਲੋਂ ਭਾਰਤੀ ਨੌਜਵਾਨਾਂ ਨੂੰ ਬੇਰਹਿਮੀ ਨਾਲ ਡਿਪੋਰਟ ਕੀਤੇ ਜਾਣ ਤੇ ਹੋਰਨਾਂ ਚੰਡੀਗੜ੍ਹ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਤੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀ ਸੈਕਟਰ-35 ਵਿਖੇ ਕਾਂਗਰਸ ਭਵਨ ਦੇ ਬਾਹਰ ਇਕੱਠੇ ਹੋਏ। ਕਾਂਗਰਸੀਆਂ ਨੇ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਸੈਕਟਰ-33 ਵਿੱਚ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਕੁਝ ਦੂਰੀ ’ਤੇ ਹੀ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਲਾਠੀ ਚਾਰਜ ਕੀਤਾ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਹਿਰਾਸਤ ਵਿੱਚ ਲੈ ਲਿਆ।
ਪੁਲੀਸ ਦੇ ਲਾਠੀਚਾਰਜ ਕਰਕੇ ਕਈ ਯੂਥ ਕਾਂਗਰਸ ਦੇ ਆਗੂਆਂ ਦੇ ਸੱਟਾਂ ਵੱਜੀਆਂ, ਜਿਨ੍ਹਾਂ ਨੂੂੰ ਸੈਕਟਰ-16 ਦੇ ਹਸਪਤਾਲ ਵਿੱਚ ਲਿਜਾਇਆ ਗਿਆ। ਪ੍ਰਦਰਸ਼ਨ ਦੌਰਾਨ ਕੁਝ ਨੌਜਵਾਨਾਂ ਨੇ ਪੁਲੀਸ ’ਤੇ ਪਥਰਾਅ ਕਰ ਦਿੱਤਾ, ਜਿਸ ਕਰਕੇ ਇਕ ਪੁਲੀਸ ਮੁਲਾਜ਼ਮ ਦੇ ਵੀ ਸੱਟ ਲੱਗੀ ਹੈ।
ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ ਨੇ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ, ਮਹਿੰਗਾਈ ਤੇ ਨਸ਼ਾਖੋਰੀ ਲਗਾਤਾਰ ਵੱਧ ਰਹੀ ਹੈ, ਪਰ ਭਾਜਪਾ ਸਰਕਾਰ ਇਸ ’ਤੇ ਨੱਥ ਪਾਉਣ ਵਿੱਚ ਨਾਕਾਮ ਰਹਿ ਰਹੀ ਹੈ। ਉਨ੍ਹਾਂ ਅਮਰੀਕਾ ਸਰਕਾਰ ਵੱਲੋਂ ਭਾਰਤੀ ਨੌਜਵਾਨਾਂ ਨੂੂੰ ਬੇਰਹਿਮੀ ਨਾਲ ਡਿਪੋਰਟ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਭਾਰਤੀ ਨੌਜਵਾਨਾਂ ਨੂੰ ਬੇਰਹਿਮੀ ਨਾਲ ਡਿਪੋਰਟ ਕੀਤੇ ਜਾਣ ਨਾਲ ਦੇਸ਼ ਦਾ ਸਿਰ ਪੁਰੀ ਦੁਨੀਆਂ ਵਿੱਚ ਝੁਕਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕੀ ਫ਼ੌਜ ਦੇ ਜਹਾਜ਼ ਨੂੰ ਪੰਜਾਬ ਦੀ ਧਰਤੀ ’ਤੇ ਉਤਰਨ ਦੀ ਇਜਾਜ਼ਤ ਦੇਣਾ ਗਲਤ ਹੈ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼ ਭਰ ਵਿੱਚ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਵੀ ਮੁੜ ਵਸੇਬਾ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅੱਜ ਤੱਕ ਮਾਲਿਕਾਨਾ ਹੱਕ ਦਿਵਾਉਣ ਬਾਰੇ ਝੂਠ ਬੋਲਿਆ ਜਾ ਰਿਹਾ ਹੈ। ਜਦੋਂ ਕਿ ਕੇਂਦਰੀ ਮੰਤਰੀ ਨੇ ਸੰਸਦ ਵਿੱਚ ਸਪੱਸ਼ਟ ਕਰ ਦਿੱਤਾ ਕਿ ਮੁੜ ਵਸੇਬਾ ਕਲੋਨੀਆਂ ਵਿੱਚ ਰਹਿਣ ਵਾਲਿਆਂ ਨੂੰ ਮਾਲਿਕਾਨਾ ਹੱਕ ਨਹੀਂ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਵੀ ਢਾਹੁਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਭਾਜਪਾ ਵੱਲੋਂ ਪੁਲੀਸ ਦੇ ਸਹਾਰੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ, ਪਰ ਯੂਥ ਕਾਂਗਰਸ ਚੁੱਪ ਕਰਨ ਵਾਲੀ ਨਹੀਂ ਹੈ। ਭਵਿੱਚ ਵਿੱਚ ਯੂਥ ਕਾਂਗਰਸ ਵੱਲੋਂ ਭਾਜਪਾ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਦੇ ਥਾਣਾ ਸੈਕਟਰ-36 ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਵੱਲੋਂ ਪ੍ਰਦਰਸ਼ਨ ਦੌਰਾਨ ਪਥਰਾਅ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਡਿਪਟੀ ਮੇਅਰ ਤੁਰਣਾ ਮਹਿਤਾ, ਕੌਂਸਲਰ ਗੁਰਪ੍ਰੀਤ ਸਿੰਘ ਗਾਬੀ, ਯੂਥ ਕਾਂਗਰਸ ਦੇ ਆਗੂ ਅਤਿੰਦਰਜੀਤ ਸਿੰਘ ਰੋਬੀ ਸਣੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂ ਮੌਜੂਦ ਰਹੇ।
ਲੱਕੀ ਨੇ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ ਤੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਸੈਕਟਰ-16 ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਜਿੱਥੇ ਯੂਥ ਕਾਂਗਰਸ ਦੇ 3-4 ਆਗੂ ਹਸਪਤਾਲ ਵਿੱਚ ਭਰਤੀ ਹਨ। ਲੱਕੀ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਕਾਂਗਰਸੀਆਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਹੈ। ਕਾਂਗਰਸ ਪਾਰਟੀ ਵੱਲੋਂ ਭਾਜਪਾ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।