ਵਿਦਿਆਰਥੀਆਂ ’ਤੇ ਲਾਠੀਚਾਰਜ ਤਾਨਾਸ਼ਾਹੀ ਰੱਵਈਆ ਕਰਾਰ
‘ਆਪ’ ਤੇ ਕਾਂਗਰਸ ਵੱਲੋਂ ਪੁਲੀਸ ਕਾਰਵਾੲੀ ਦੀ ਨਿਖੇਧੀ; ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਚਾਹੁੰਦਾ ਹੈ ਕੇਂਦਰ: ਅਰੋਡ਼ਾ; ਚੀਮਾ ਨੇ ਭਾਜਪਾ ’ਤੇ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤ ਰੱਖਣ ਦੇ ਦੋਸ਼ ਲਾਏ
‘ਆਪ’ ਤੇ ਕਾਂਗਰਸ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਏ। ‘ਆਪ’ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਵਰੇਜ ਲਈ ਪਹੁੰਚੇ ਪੱਤਰਕਾਰਾਂ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ ਜਿਸ ਕਰ ਕੇ ਕੇਂਦਰ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਲਈ ਤਾਨਾਸ਼ਾਹੀ ’ਤੇ ਉੱਤਰ ਆਈ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ ਅਤੇ ਜਦੋਂ ਲੋਕ ਇਸ ਵਿਰੁੱਧ ਆਵਾਜ਼ ਚੁੱਕਦੇ ਹਨ ਤਾਂ ਉਨ੍ਹਾਂ ਨੂੰ ਡਾਂਗਾਂ ਦੇ ਜ਼ੋਰ ਨਾਲ ਦਬਾਇਆ ਜਾਂਦਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ‘ਆਪ’ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜ਼ਬਰਦਸਤੀ ਅਤੇ ਧੋਖੇ ਰਾਹੀਂ ਪੰਜਾਬ ਦੇ ਅਦਾਰਿਆਂ ਤੇ ਰਾਜਨੀਤਿਕ ਢਾਂਚੇ ਨੂੰ ਕੰਟਰੋਲ ਕਰਨਾ ਚਾਹੁੰਦੀ ਹੈ। ਪਹਿਲਾਂ ਭਾਜਪਾ ਨੇ ਬੀ ਬੀ ਐੱਮ ਬੀ ਅਤੇ ਹੁਣ ਪੰਜਾਬ ਯੂਨੀਵਰਸਿਟੀ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਪੰਜਾਬੀ ਆਪਣੇ ਅਧਿਕਾਰਾਂ ਅਤੇ ਖੁਦਮੁਖਤਿਆਰੀ ’ਤੇ ਅਜਿਹੇ ਹਮਲੇ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।
ਵੜਿੰਗ ਨੂੰ ਮੁਹਾਲੀ ਵਿੱਚ ਹਰਿਆਣਾ ਪੁਲੀਸ ਦੀ ਤਾਇਨਾਤੀ ’ਤੇ ਉਜਰ
ਪੰਜਾਬ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਮੁਹਾਲੀ ਵਿੱਚ ਹਰਿਆਣਾ ਪੁਲੀਸ ਦੇ ਤਾਇਨਾਤ ਹੋਣ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਇਸ ਨੂੰ ਪੰਜਾਬ ਦੇ ਅਧਿਕਾਰ ਖੇਤਰ ਦੀ ਉਲੰਘਣਾ ਕਰਾਰ ਦਿੰਦਿਆਂ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਨ ਲਈ ਇੱਕ ਬੇਲੋੜਾ ਅਤੇ ਗੈਰ-ਜ਼ਰੂਰੀ ਕਦਮ ਚੁੱਕਿਆ ਅਤੇ ਹੁਣ ਇਹ ਚੋਣਾਂ ਤੋਂ ਬਚ ਰਹੀ ਹੈ। ਉਨ੍ਹਾਂ ਪੀ ਯੂ ਸੈਨੇਟ ਚੋਣਾਂ ਦਾ ਐਲਾਨ ਕਰਨ ਸਬੰਧੀ ਵਿਦਿਆਰਥੀਆਂ ਦੀ ਮੰਗ ਦੀ ਹਮਾਇਤ ਕੀਤੀ।
ਸੈਨੇਟ ਚੋਣਾਂ ਦਾ ਐਲਾਨ ਕਰੇ ਕੇਂਦਰ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਜਲਦ ਹੀ ਪੀ ਯੂ ਸੈਨੇਟ ਚੋਣਾਂ ਕਰਵਾਉਣ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੰਡੀਗੜ੍ਹ ਪੁਲੀਸ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਸੰਵਿਧਾਨਕ ਹੱਕ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਕਰ ਰਹੇ ਸਨ। ਇਸ ਦੇ ਬਾਵਜੂਦ ਪੁਲੀਸ ਵੱਲੋਂ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੀ ਯੂ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਅਤੇ ਪੁਨਰਗਠਨ ਕਰਨ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਹੈ, ਪਰ ਕਦੇ ਕਾਮਯਾਬ ਨਹੀਂ ਹੋ ਸਕੀ ਹੈ। ਹੁਣ ਸੈਨੇਟ ਚੋਣਾਂ ਦਾ ਐਲਾਨ ਨਹੀਂ ਕਰ ਰਹੀ।

