ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੂਨ
ਸਿਟੀ ਬਿਊਟੀਫੁੱਲ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਜਨਤਕ ਪਖਾਨਿਆਂ ਦੀ ਸੰਭਾਲ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ‘ਸਵੱਛ ਰੱਖੋ, ਤੰਦਰੁਸਤ ਰਹੋ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਨੇ ਸ਼ਾਂਤੀ ਨਗਰ ਮਨੀਮਾਜਰਾ ਅਤੇ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸੈਕਟਰ-7 ਵਿਚਲੇ ਜਨਤਕ ਪਖਾਨਿਆਂ ਦੀ ਸਫਾਈ ਕਰ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਨਿਗਮ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਜਨਤਕ ਪਖਾਨਿਆਂ ਦੀ ਸੰਭਾਲ ਲਈ ਹੱਥ ਮਿਲਾਉਣ ਲਈ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਚੰਡੀਗੜ੍ਹ ਨਗਰ ਨਿਗਮ ਨੇ ਵਾਤਾਵਰਨ ਦੀ ਸੰਭਾਲ ਲਈ 5 ਜੂਨ ਤੋਂ 11 ਜੂਨ ਤੱਕ ਇਕ ਹਫ਼ਤੇ ਨੂੰ ‘ਵਾਤਾਵਰਨ ਹਫ਼ਤੇ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਮੇਂ ਵਿੱਚ ਵਾਤਾਵਰਣ ਦੀ ਸੰਭਾਲ ਲਈ ਕੰਮ ਕੀਤਾ ਜਾਵੇਗਾ।
ਮੇਅਰ ਸਰਬਜੀਤ ਕੌਰ ਨੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ’ਚ ਸਥਿਤ 305 ਜਨਤਕ ਪਖਾਨਿਆਂ ਨੂੰ ਸਾਫ਼ ਸੁਥਰਾ ਰੱਖਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿੱਚ ਸ਼ਹਿਰ ਦੇ ਸਾਰੇ ਕੌਂਸਲਰ ਅਤੇ ਨਾਗਰਿਕਾਂ ਨੂੰ ਸ਼ਾਮਲ ਕੀਤਾ ਜਾ ਗਿਆ ਹੈ।
ਨਗਰ ਨਿਗਮ ਦੀ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਸ਼ਹਿਰ ਦੇ ਬਾਜ਼ਾਰਾਂ ਅਤੇ ਕਲੋਨੀਆਂ ਵਿੱਚ ਸਥਿਤ 225 ਜਨਤਕ ਪਖਾਨਿਆਂ ਅਤੇ ਕਮਿਊਨਿਟੀ ਪਖਾਨਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਨੂੰ ਪ੍ਰੇਰਿਆ। ਇਸ ਦੇ ਨਾਲ ਹੀ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੂੰ ‘ਸਵੱਛ ਰੱਖੋ, ਤੰਦਰੁਸਤ ਰਹੋ’ ਮੁਹਿੰਮ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਚੰਡੀਗੜ੍ਹ ਨਗਰ ਨਿਗਮ ਦੇ ਅਧਿਕਾਰੀਆਂ ਨੇ ‘ਸਵੱਛ ਰੱਖੋ, ਤੰਦਰੁਸਤ ਰਹੋ’ ਮੁਹਿੰਮ ਦੀ ਸ਼ੁਰੂਆਤ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪਖਾਨਿਆਂ ਦੀ ਸਫ਼ਾਈ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਮੇਅਰ ਸਰਬਜੀਤ ਕੌਰ ਨੇ ਸ਼ਹਿਰ ਵਿਚਲੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੂੰ ਇਸ ਹਫ਼ਤਾ ਆਪਣੇ ਵਾਰਡ ਵਿਚਲੇ ਜਨਤਕ ਪਖਾਨਿਆਂ ਦੀ ਸਾਂਭ-ਸੰਭਾਲ ਲਈ ਹੰਭਲਾ ਕਾਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਨਗਰ ਨਿਗਮ ਦੀ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਸਿੱਖਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਅਤੇ ਹਸਪਤਾਲਾਂ ਦੀ ਸਫ਼ਾਈ ਯਕੀਨੀ ਬਣਹਉਣ ਦੀ ਅਪੀਲ ਕੀਤੀ।