ਹਰਜੀਤ ਸਿੰਘ
ਜ਼ੀਰਕਪੁਰ, 5 ਮਈ
ਹਲਕੇ ਅੰਦਰ ਵਧ ਰਹੇ ਕਰੋਨਾ ਮਰੀਜ਼ਾਂ ਨੂੰ ਰਾਹਤ ਦੇਣ ਲਈ ਅੱਜ ਵਿਧਾਇਕ ਐਨਕੇ ਸ਼ਰਮਾ ਨੇ ਆਪਣੇ ਨਿੱਜੀ ਫਾਰਮ ਵਿਚ 100 ਬਿਸਤਰਿਆਂ ਵਾਲੇ ਆਈਸੋਲੇਸ਼ਨ ਸੈਂਟਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਾਨਵਤਾ ਦੇ ਭਲੇ ਲਈ ਸ਼ੁਰੂ ਕੀਤੇ ਇਸ ਆਈਸੋਲੇਸ਼ਨ ਸੈਂਟਰ ਵਿਚ ਮਰੀਜ਼ਾਂ ਇਲਾਜ ਦੇ ਨਾਲ ਰਾਸ਼ਨ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਜਿਹੜੇ ਗ਼ਰੀਬ ਕੋਵਿਡ ਮਰੀਜ਼ਾਂ ਕੋਲ ਆਪਣੇ ਘਰ ਵਿਚ ਇਕਾਂਤਵਾਸ ਹੋਣ ਲਈ ਢੁੱਕਵੀਂ ਥਾਂ ਨਹੀਂ ਹੈ, ਉਹ ਆਪਣੇ ਪਰਿਵਾਰ ਨਾਲ ਘਰ ਵਿੱਚ ਹੀ ਇਕਾਂਤਵਾਸ ਹੋਣ ਲਈ ਮਜ਼ਬੂਰ ਹਨ, ਉਹ ਇਸ ਆਈਸੋਲੇਸ਼ਨ ਸੈਂਟਰ ਵਿਚ ਦਾਖ਼ਲ ਹੋ ਸਕਦੇ ਹਨ। ਇੱਥੇ ਮਾਹਿਰ ਡਾਕਟਰਾਂ ਅਤੇ ਨਰਸਾਂ ਦੀ ਟੀਮ ਹਰ ਵੇਲੇ ਮਰੀਜ਼ਾਂ ਦੀ ਦੇਖਭਾਲ ਲਈ ਹਾਜ਼ਰ ਰਹੇਗੀ।
ਉਨ੍ਹਾਂ ਨੇ ਦੱਸਿਆ ਕਿ ਤਬੀਅਤ ਵਿਗੜਨ ’ਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਲਈ ਆਕਸੀਜਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਕਿ ਮਰੀਜ਼ ਨੂੰ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ ਜਿਸ ਮਗਰੋਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਕਿਸੇ ਵੀ ਥਾਂ ਲਿਜਾ ਸਕਦੇ ਹਨ। ਇਸ ਕੋਵਿਡ ਆਈਸੋਲੇਸ਼ਨ ਸੈਂਟਰ ਵਿੱਚ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਸਕਰੀਨਿੰਗ, ਟੈਸਟਿੰਗ, ਯੋਗਾ, ਮੈਡੀਟੇਸ਼ਨ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲਗਾਤਾਰ ਭਿਆਨਕ ਰੂਪ ਧਾਰਨ ਕਰ ਰਹੀ ਕਰੋਨਾ ਮਹਾਮਾਰੀ ਕਾਰਨ ਹਸਪਤਾਲਾਂ ਵਿਚ ਵਧ ਰਹੀ ਮਰੀਜ਼ਾਂ ਦੀ ਭੀੜ ਇਸ ਖ਼ਤਰੇ ਨੂੰ ਹੋਰ ਵਧਾ ਰਹੀ ਹੈ ਜਿਸ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਨੇ ਸੰਗਤ ਦੇ ਸਹਿਯੋਗ ਨਾਲ ਆਪਣੇ ਨਿੱਜੀ ਮੈਰਿਜ ਪੈਲੇਸ ਨੂੰ ਆਈਸੋਲੇਸ਼ਨ ਸੈਂਟਰ ਬਣਾਇਆ ਹੈ।