ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
ਚੰਡੀਗੜ੍ਹ ਟਰੈਫ਼ਿਕ ਪੁਲੀਸ ਨੇ ਸ਼ਹਿਰ ਵਿੱਚ ਹਾਈ ਸਕਿਉਰਿਟੀ ਨੰਬਰ ਪਲੇਟਾਂ ਨਾ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ 16 ਜਣਿਆਂ ਦੇ ਚਲਾਨ ਕੀਤੇ ਗਏ ਹਨ। ਇਸ ਦੇ ਨਾਲ ਹੀ ਟਰੈਫ਼ਿਕ ਪੁਲੀਸ ਨੇ ਸ਼ਹਿਰ ਵਾਸੀਆਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ਹੈ। ਟਰੈਫ਼ਿਕ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਸੜਕ, ਟਰਾਂਸਪੋਰਟ ਅਤੇ ਹਾਈਵੇਅ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਰੇ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਅਤੇ ਕਲਰ ਕੋਡਿਡ ਸਟਿੱਕਰ ਲਾਜ਼ਮੀ ਕਰ ਦਿੱਤੇ ਹਨ। ਕੇਂਦਰੀ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਇਕ ਮਹੀਨੇ ਤੋਂ ਲੋਕਾਂ ਨੂੰ ਸਕਿਉਰਿਟੀ ਨੰਬਰ ਪਲੇਟਾਂ ਅਤੇ ਕਲਰ ਕੋਡਿਡ ਸਟੀਕਰ ਲਗਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਕਿਉਰਿਟੀ ਨੰਬਰ ਪਲੇਟਾਂ ਨਹੀਂ ਲਗਵਾਈ। ਉਨ੍ਹਾਂ ਕਿਹਾ ਕਿ ਲੋਕ ਸਕਿਉਰਿਟੀ ਨੰਬਰ ਪਲੇਟਾਂ ਤੇ ਕਲਰ ਕੋਡਿਡ ਸਟਿੱਕਰ ਲਗਵਾਉਣ ਲਈ ਰਜਿਸਟਰਾਰ ਤੇ ਲਾਈਸੈਂਸ ਅਥਾਰਟੀ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।