ਅਮਨ-ਕਾਨੂੰਨ ਦੀ ਹਾਲਤ ਗੰਭੀਰ: ਵੜਿੰਗ
ਕਰਮਜੀਤ ਸਿੰਘ ਚਿੱਲਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਬੇਹੱਦ ਨਾਜ਼ੁਕ ਹੈ। ਗੈਂਗਸਟਰ ਲੋਕਾਂ ਕੋਲੋਂ ਸ਼ਰ੍ਹੇਆਮ ਫਿਰੌਤੀਆਂ ਮੰਗ ਰਹੇ ਹਨ। ਪੌਣੇ ਚਾਰ ਸਾਲਾਂ ਦੌਰਾਨ ਇਸ ਰੁਝਾਨ ਵਿੱਚ ਕਾਫ਼ੀ ਵਾਧਾ ਹੋਇਆ ਹੈ। ਰਾਜਾ ਵੜਿੰਗ ਅੱਜ ਬਾਅਦ ਦੁਪਹਿਰ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕਮਲ ਸ਼ਰਮਾ ਵੀ ਹਾਜ਼ਰ ਸਨ। ਰਾਜਾ ਵੜਿੰਗ ਨੇ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹਾਰ ਬਾਰੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਅਤੇ ਆਮ ਚੋਣਾਂ ਦੇ ਨਤੀਜਿਆਂ ਵਿੱਚ ਜ਼ਮੀਨ ਆਸਮਾਨ ਦਾ ਫ਼ਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੀਆਂ ਸੱਤ ਸੀਟਾਂ ’ਤੇ ਜਿੱਤ ਕਾਂਗਰਸ ਦੀ 2027 ਵਿੱਚ ਸਰਕਾਰ ਬਣਨ ਦਾ ਸੂਚਕ ਹੈ। 2027 ਵਿੱਚ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਉਮੀਦਵਾਰ ਦਾ ਫ਼ੈਸਲਾ ਪਾਰਟੀ ਹਾਈਕਮਾਂਡ ਕਰੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਦੀ ਜ਼ਮੀਨ ’ਤੇ ਬਣਿਆ ਹੈ ਅਤੇ ਰਾਜ ਦੇ ਅਧਿਕਾਰ ਖੋਹਣ ਨਹੀਂ ਦਿੱਤੇ ਜਾਣਗੇ। ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਕੇਂਦਰ ਦੀ ਨਿਖੇਧੀ ਕੀਤੀ।
