ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਈ
ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਬਾਰ ਅਸੋਸੀਏਸ਼ਨ ਚੰਡੀਗੜ੍ਹ ਦੇ ਸੱਦੇ ’ਤੇ ਸਮੂਹ ਵਕੀਲਾਂ ਨੇ ਅੱਜ ਚੰਡੀਗੜ੍ਹ ਪੁਲੀਸ ਦੇ ਖ਼ਿਲਾਫ਼ ਅੱਧੇ ਦਿਨ ਦੀ ਹੜਤਾਲ ਕੀਤੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਟੋਨੀ ਨੇ ਦੱਸਿਆ ਕਿ ਪਿਛਲੇ ਮਹੀਨੇ ਇਕ ਵਕੀਲ ਦੀ ਧੀ ਨਾਲ ਛੇੜਛਾੜ ਹੋਈ ਸੀ, ਉਸ ਨੂੰ ਧਮਕੀਆ ਦਿੰਤੀਆਂ ਗਈਆਂ ਅਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਸਬੰਧ ’ਚ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ 18 ਅਪਰੈਲ ਨੂੰ ਕੇਸ ਦਰਜ ਕੀਤਾ ਸੀ ਪਰ ਘਟਨਾ ਨੂੰ ਡੇਢ ਮਹੀਨੇ ਦੇ ਕਰੀਬ ਸਮਾਂ ਬੀਤਣ ਦੇ ਬਾਵਜੂਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪੀੜਤ ਲੜਕੀ ਦੀ ਸੋਸ਼ਲ ਮੀਡੀਆ ’ਤੇ ਸਾਹਿਲ ਨਾਂ ਦੇ ਲੜਕੇ ਨਾਲ ਜਾਣ-ਪਛਾਣ ਹੋਈ ਸੀ। ਉਸ ਨੇ ਲੜਕੀ ਨੂੰ ਮਾਡਲਿੰਗ ਦੀ ਸਲਾਹ ਦਿੰਦਿਆਂ ਛੇੜਖਾਨੀ ਦੀ ਕੋਸ਼ਿਸ਼ ਕੀਤੀ ਸੀ। ਵਕੀਲਾਂ ਨੇ ਚੰਡੀਗੜ੍ਹ ਪੁਲੀਸ ਨੂੰ ਅਪੀਲ ਕੀਤੀ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।