ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 12 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਅੰਤਰਰਾਸ਼ਟਰੀ ਪੁਆਧੀ ਮੰਚ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊੜੀ ਬਾਹਰ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਲੜੀਵਾਰ ਭੁੱਖ-ਹੜਤਾਲ ਅੱਜ 6ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਪ੍ਰਮੁੱਖ ਆਗੂ ਤੇ ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਗੁਰਪ੍ਰੀਤ ਸਿੰਘ ਨਿਆਮੀਆਂ, ਡਾ. ਕਰਮਜੀਤ ਸਿੰਘ ਚਿੱਲਾ, ਮਨਜੀਤ ਸਿੰਘ ਕਜਹੇੜੀ, ਡਾ. ਗੁਰਮੀਤ ਸਿੰਘ ਬਾਸੀਆਂ ਬੈਦਵਾਨ, ਹਰਦੀਪ ਸਿੰਘ ਬਠਲਾਣਾ, ਪਰਮਦੀਪ ਸਿੰਘ ਬੈਦਵਾਨ ਅੱਜ ਛੇਵੇਂ ਦਿਨ ਭੁੱਖ-ਹੜਤਾਲ ’ਤੇ ਬੈਠੇ। ਧਰਨਾਕਾਰੀਆਂ ਦਾ ਹੌਸਲਾ ਵਧਾਉਣ ਲਈ ਅਕਾਲੀ ਵਿਧਾਇਕ ਐੱਨਕੇ ਸ਼ਰਮਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੀਨੀਅਰ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਪ੍ਰਮੁੱਖ ਆਗੂ ਜੋਗਾ ਸਿੰਘ ਕਜਹੇੜੀ ਆਦਿ ਉਚੇਚੇ ਤੌਰ ’ਤੇ ਧਰਨੇ ਵਿੱਚ ਪਹੁੰਚੇ। ਆਗੂਆਂ ਕਿਹਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ, ਅੰਤਰਰਾਸ਼ਟਰੀ ਪੁਆਧੀ ਮੰਚ ਪੂਰਨ ਸਮਰਥਨ ਕਰੇਗਾ।