ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ) 27 ਜੂਨ
ਇੱਥੋਂ ਦੇ ਜ਼ਿਲ੍ਹਾ ਭਾਸ਼ਾ ਦਫਤਰ ਵਿੱਚ ਪੰਜਾਬੀ ਸਾਹਿਤ ਰਤਨ ਨਾਵਲਕਾਰ ਸਵਰਗੀ ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਲੇਖਕ ਸੁਸ਼ੀਲ ਦੁਸਾਂਝ ਅਤੇ ਡਾ.ਗਗਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਜਸਵੰਤ ਸਿੰਘ ਕੰਵਲ ਦੇ ਜੀਵਨ ਅਤੇ ਰਚਨਾ ਬਾਰੇ ਚਾਨਣਾ ਪਾਇਆ ਗਿਆ। ਸਮਾਗਮ ਦੇ ਮੁੱਖ ਬੁਲਾਰੇ ਡਾ. ਗਗਨਦੀਪ ਸਿੰਘ ਵੱਲੋਂ ਜਸਵੰਤ ਸਿੰਘ ਕੰਵਲ ਅਤੇ ਪੰਜਾਬੀ ਨਾਵਲ ਵਿਸ਼ੇ ’ਤੇ ਆਪਣੇ ਪਰਚੇ ਵਿਚ ਖੋਜ ਭਰਪੂਰ ਤੱਥ ਪੇਸ਼ ਕੀਤੇ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸੁਸ਼ੀਲ ਦੁਸਾਂਝ ਵੱਲੋਂ ਸਮੁੱਚੇ ਸਮਾਗਮ ਬਾਰੇ ਭਾਵਪੂਰਤ ਟਿੱਪਣੀ ਕਰਦਿਆਂ ਜਸਵੰਤ ਸਿੰਘ ਕੰਵਲ ਦੇ ਨਾਵਲਾਂ ਦੇ ਸੰਦਰਭ ਵਿਚ ਸਾਹਿਤ, ਸਮਾਜ ਅਤੇ ਸਭਿਆਚਾਰ ਦੇ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਇਸ ਮੌਕੇ ਸਰਦਾਰਾ ਸਿੰਘ ਚੀਮਾ, ਗੁਰਦਰਸ਼ਨ ਸਿੰਘ ਮਾਵੀ ਅਤੇ ਰਾਬਿੰਦਰ ਰੱਬੀ ਨੇ ਵੀ ਵਿਚਾਰ ਰੱਖੇ। ਇਸ ਮੌਕੇ ਉਭਰਦੀ ਲੇਖਿਕਾ ਮਨਜੀਤ ਰਿੰਪੀ ਦੇ ਨਵ-ਪ੍ਰਕਾਸ਼ਿਤ ਨਾਵਲ ‘ਜ਼ਿੰਦਗੀ ਪਰਤ ਆਈ’ ਨੂੰ ਲੋਕ-ਅਰਪਣ ਕੀਤਾ ਗਿਆ। ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ।