ਪੰਜਾਬੀ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨੂੰ ਪੱਤਰ
ਪੱਤਰ ਪ੍ਰੇਰਕ
ਪੰਚਕੂਲਾ, 6 ਅਪਰੈਲ
ਪੰਜਾਬੀ ਅਧਿਆਪਕ ਅਤੇ ਭਾਸ਼ਾ ਪ੍ਰਚਾਰ ਪ੍ਰਸਾਰ ਸੁਸਾਇਟੀ ਹਰਿਆਣਾ ਦੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਪੰਜਾਬੀ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਹਰਿਆਣਾ ਵਿੱਚ 50 ਲੱਖ ਤੋਂ ਵੱਧ ਲੋਕ ਪੰਜਾਬੀ ਬੋਲਦੇ ਹਨ। ਉਨ੍ਹਾਂ ਦੀ ਸੁਸਾਇਟੀ ਵੱਲੋਂ ਕਰਵਾਏ ਗਏ ਸਰਵੇ ਅਨੁਸਾਰ ਹਰਿਆਣਾ ਦੇ ਨੌ ਵੱਡੇ ਜ਼ਿਲ੍ਹਿਆਂ ਵਿੱਚ 1640 ਅਜਿਹੇ ਪ੍ਰਾਇਮਰੀ ਸਕੂਲ ਹਨ, ਜਿਨ੍ਹਾਂ ਵਿੱਚ ਬੱਚੇ ਪੰਜਾਬੀ ਪੜ੍ਹਨ ਦੇ ਚਾਹਵਾਨ ਹਨ। ਇਸ ਲਈ ਉਨ੍ਹਾਂ ਦੀ ਸੰਵਿਧਾਨਕ ਮੰਗ ਹੈ ਕਿ ਹਰਿਆਣਾ ਪ੍ਰਾਂਤ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਤੀਜੀ ਜਮਾਤ ਤੋਂ ਲਾਗੂ ਕੀਤਾ ਜਾਵੇ। ਸਰਕਾਰੀ ਸਕੂਲਾਂ ਵਿੱਚ ਪੰਜਾਬੀ ਲੈਕਚਰਾਰ ਅਤੇ ਅਧਿਆਪਕਾਂ ਦੀਆਂ ਖਾਲ੍ਹੀ ਪਈਆਂ ਪੋਸਟਾਂ ਭਰੀਆਂ ਜਾਣ। ਮੀਤ ਪ੍ਰਧਾਨ ਡਾ. ਹਰਜੀਤ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੰਗਠਨ ਦੇ ਨੁਮਾਇੰਦਿਆਂ ਦੀ ਪੂਰੀ ਗੱਲ ਸੰਜੀਦਗੀ ਨਾਲ਼ ਸੁਣੀ ਗਈ ਤੇ ਜਲੀਦ ਹੀ ਉੱਚ ਅਧਿਕਾਰੀਆਂ ਨਾਲ਼ ਗੱਲ ਬਾਤ ਕਰ ਕੇ ਮੰਗਾਂ ਨੂੰ ਜਲਦ ਪੂਰਾ ਕਰ ਕੇ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੰਗਠਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਗੁਰਦੀਪ ਸਿੰਘ ਸੂਬਾ ਪ੍ਰੈੱਸ ਸਕੱਤਰ ਡਾ. ਅਸ਼ੋਕ ਲਾਂਬਾ, ਸੂਬਾ ਕਮੇਟੀ ਮੈਂਬਰ ਜਸਮਤ ਸਿੰਘ ਸੈਣੀ, ਹਰਬੰਸ ਸਿੰਘ ਮਾਨ ਅੰਬਾਲਾ, ਡਾ. ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਹਰਵਿੰਦਰ ਸਿੰਘ, ਮਿਹਰਵਾਨ ਸਿੰਘ ਕੁਰੂਕਸ਼ੇਤਰ ਹਾਜ਼ਰ ਸਨ।