ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਦਸੰਬਰ
ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਨੇ ਅੱਜ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਨ ਦੀ 8 ਦਸੰਬਰ ਨੂੰ ਛੁੱਟੀ ਕੀਤੀ ਜਾਵੇ। ਸ੍ਰੀ ਕੰਬੋਜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਜਾਨ ਵਾਰ ਦਿੱਤੀ ਸੀ ਤੇ ਇਸ ਮਹਾਨ ਗੁਰੂ ਦੇ ਸ਼ਹੀਦੀ ਦਿਨ ਦੀ ਛੁੱਟੀ ਕੀਤੀ ਜਾਵੇ। ਉਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ ਤੇ ਉਨ੍ਹਾਂ ਦੀਆਂ ਸੇਵਾਵਾਂ ਵੀ ਨਿਯਮਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਇਹ ਅਧਿਆਪਕ ਦਹਾਕਿਆਂ ਤੋਂ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਨਿਯਮਤ ਨਹੀਂ ਕੀਤਾ ਜਾ ਰਿਹਾ।