ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੀਰਵਾਰ ਰਾਤੀਂ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਇਤਿਹਾਸਿਕ ਚਰਨ ਯੂਐਸ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇ ਕਰੋੜੀ, ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਵਾਲਿਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਨੂੰ ਸਮਝਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਨਾ ਸੂਬਾ ਸਰਕਾਰ ਦੀ ਇੱਕ ਵੱਡੀ ਮੁਹਿੰਮ ਹੈ, ਜਿਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਤਿਆਗਮਈ ਸਿੱਖਿਆਵਾਂ ਨੂੰ ਨਵੇਂ ਯੁੱਗ ਦੇ ਢੰਗ ਨਾਲ ਹਰ ਉਮਰ ਦੇ ਲੋਕਾਂ ਤੱਕ ਪਹੁੰਚਾਉਣਾ ਹੈ। ਸ਼ੋਅ ਵਿੱਚ ਲੇਜ਼ਰ ਲਾਈਟਾਂ, 3-ਡੀ ਪ੍ਰਭਾਵਾਂ ਅਤੇ ਡਿਜੀਟਲ ਪ੍ਰੋਜੈਕਸ਼ਨਾਂ ਰਾਹੀਂ ਗੁਰੂ ਤੇਗ ਬਹਾਦਰ ਜੀ ਦੀ ਬਾਲ ਲੀਲਾ, ਤਪੱਸਿਆ, ਮਨੁੱਖਤਾ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਅਤੇ ਸਿਖਰਲੇ ਆਦਰਸ਼ਾਂ ਦਾ ਅਲੌਕਿਕ ਚਿੱਤਰਣ ਕੀਤਾ ਗਿਆ।
ਸੰਗਤ ਨੇ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਜਿਹੀ ਪਵਿੱਤਰ ਧਰਤੀ ’ਤੇ ਇਸ ਕਿਸਮ ਦੇ ਸਮਾਗਮ ਨਾ ਸਿਰਫ਼ ਇਤਿਹਾਸ ਨੂੰ ਜੀਵੰਤ ਰੱਖਦੇ ਹਨ, ਬਲਕਿ ਨੌਜਵਾਨਾਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਮੁੜ ਜੋੜਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
