ਟ੍ਰਾਈਸਿਟੀ ਵਿੱਚ ਐਤਵਾਰ ਸਵੇਰੇ ਆਈ ਤੇਜ਼ ਹਨੇਰੀ ਕਾਰਨ ਅਨੇਕਾਂ ਦਰੱਖ਼ਤਾਂ ਦੇ ਡਿੱਗਣ ਕਾਰਨ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਦਾ ਭਾਰੀ ਨੁਕਸਾਨ ਹੋਇਆ ਸੀ। ਮੁਹਾਲੀ ਦੇ ਫੇਜ਼ ਛੇ ਅਤੇ ਫੇਜ਼ ਇੱਕ ਦੇ ਵੱਡੇ ਹਿੱਸੇ ਵਿੱਚ ਅੱਜ ਸ਼ਾਮ ਤੱਕ ਵੀ ਪੂਰੀ ਤਰ੍ਹਾਂ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ।
ਐਤਵਾਰ ਸਵੇਰ ਤੋਂ ਹੀ ਜਿੱਥੇ ਬਿਜਲੀ ਸਪਲਾਈ ਠੱਪ ਪਈ ਹੈ, ਜਿਸ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਪਿਛਲੇ 36 ਘੰਟਿਆਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਬਿਜਲੀ ਨਾ ਹੋਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪ੍ਰੇਸ਼ਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਨਵਰਟਰ ਵੀ ਕੱਲ ਦੇ ਬੰਦ ਪਏ ਹਨ ਅਤੇ ਉਨ੍ਹਾਂ ਨੂੰ ਪੀਣ ਲਈ ਪਾਣੀ ਦੀ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਦੇ ਰੋਜ਼-ਮਰ੍ਹਾ ਦੇ ਕੰਮ ਵੀ ਬਿਜਲੀ ਨਾ ਆਉਣ ਕਾਰਨ ਪੂਰੀ ਤਰਾਂ ਪ੍ਰਭਾਵਿਤ ਹਨ। ਪਾਵਰਕੌਮ ਦੇ ਅਧਿਕਾਰੀਆਂ ਮੁਤਾਬਕ ਕੱਚੇ ਕਾਮਿਆਂ ਦੀ ਹੜਤਾਲ ਕਾਰਨ ਬਿਜਲੀ ਸਪਲਾਈ ਬਹਾਲ ਕਰਨ ਵਿੱਚ ਦਿੱਕਤ ਆਈ ਸੀ ਪਰ ਹੁਣ ਬਿਜਲੀ ਸਪਲਾਈ ਬਹਾਲ ਹੋ ਗਈ ਹੈ। ਫੇਜ਼ ਛੇ ਦੇ ਵਸਨੀਕ ਅਤੇ ਸਾਬਕਾ ਕੌਂਸਲਰ ਆਰ ਪੀ ਸ਼ਰਮਾ ਨੇ ਦੱਸਿਆ ਕਿ ਹਾਲੇ ਵੀ ਫੇਜ਼ ਛੇ ਦੇ ਵੱਡੇ ਹਿੱਸੇ ਵਿੱਚ ਸਿਰਫ਼ ਇੱਕ ਫੇਸ ਵਿੱਚ ਹੀ ਬਿਜਲੀ ਸਪਲਾਈ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਦੀਆਂ ਦਿੱਕਤਾਂ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਜਲਦੀ ਹੀ ਪੂਰੀ ਤਰ੍ਹਾਂ ਬਿਜਲੀ ਸਪਲਾਈ ਬਹਾਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ ਨੇ ਬਿਜਲੀ ਮੰਤਰੀ ਨੂੰ ਪੱਤਰ ਲਿਖ ਕੇ ਸ਼ਹਿਰ ਵਿੱਚ ਬਿਜਲੀ ਕੰਮ ਕਾਮਿਆਂ ਦੀਆਂ ਅਸਾਮੀਆਂ ਪੂਰੀਆਂ ਕਰਨ ਦੀ ਮੰਗ ਕੀਤੀ।

