ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਦਸੰਬਰ
ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਦਾ ਰੌਲਾ ਪਾਉਣ ਵਾਲੀ ਭਾਜਪਾ ਦਾ ਇੰਜਣ ਫੇਲ੍ਹ ਹੋ ਚੁੱਕਿਆ ਹੈ ਅਤੇ ਹੁਣ ਇਹ ਕੇਵਲ ਮੁਸੀਬਤ ਵਾਲਾ ਇੰਜਣ ਬਣ ਗਿਆ ਹੈ। ਅੱਜ ਮੰਗਲਵਾਰ ਨੂੰ ਇਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ‘ਆਪ’ ਦੇ ਕੌਮੀ ਆਗੂ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਨੇ ਵਿਕਾਸ ਦੇ ਨਾਂ ’ਤੇ ਚੰਡੀਗੜ੍ਹ ਦੇ ਲੋਕਾਂ ’ਤੇ ਮਹਿੰਗਾਈ ਅਤੇ ਕਈ ਤਰ੍ਹਾਂ ਦੇ ਭਾਰੀ ਟੈਕਸ ਲਗਾ ਕੇ ਸਰਜੀਕਲ ਸਟ੍ਰਾਈਕ ਕੀਤੀ ਹੈ। ਉਨ੍ਹਾਂ ਭਾਜਪਾ ਪ੍ਰਧਾਨ ਅਰੁਣ ਸੂਦ ਨੂੰ ਸਵਾਲ ਕਰਦਿਆਂ ਕਿਹਾ ਕਿ ਸੂਦ ਸਾਹਿਬ ਦੱਸਣ ਕਿ ਪ੍ਰਧਾਨ ਮੰਤਰੀ ਤੋਂ ਲੈ ਕੇ ਚੰਡੀਗੜ੍ਹ ਵਿੱਚ ਸੰਸਦ ਮੈਂਬਰ ਅਤੇ ਨਗਰ ਨਿਗਮ ਵਿੱਚ ਮੇਅਰ ਤੇ ਕੌਂਸਲਰ ਭਾਜਪਾ ਦੇ ਹੋਣ ਦੇ ਬਾਵਜੂਦ ਚੰਡੀਗੜ੍ਹ ਸਫ਼ਾਈ ਸਰਵੇਖਣ ਵਿੱਚ ਕਿਉਂ ਪਛੜ ਗਿਆ। ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਨੇ ਜਨਤਾ ਨੂੰ ਮਹਿੰਗਾਈ ਅਤੇ ਕੂੜੇ ਦੇ ਢੇਰਾਂ ਤੋਂ ਇਲਾਵਾ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਤੋਂ ਬਾਅਦ ਹੁਣ ਚੰਡੀਗੜ੍ਹ ਵਾਸੀ ਆਉਣ ਵਾਲੀ 24 ਦਸੰਬਰ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਨੂੰ ਜ਼ੀਰੋ ਕਰ ਦੇਣਗੇ।