ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਸਤੰਬਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਾਵਾਰਸ ਅਤੇ ਪਾਲਤੂ ਪਸ਼ੂਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਪਸ਼ੂ ਪਾਲਕਾਂ ਦੀ ਸਿਆਸੀ ਪਹੁੰਚ ਹੋਣ ਕਾਰਨ ਨਗਰ ਨਿਗਮ ਦੇ ਮੁਲਾਜ਼ਮ ਬੇਵੱਸ ਜਾਪਦੇ ਹਨ। ਕਿਉਂਕਿ ਪਸ਼ੂ ਪਾਲਕ ਜ਼ਬਰਦਸਤੀ ਆਪਣੇ ਪਸ਼ੂ ਛੁਡਾ ਕੇ ਲੈ ਜਾਂਦੇ ਹਨ। ਕੱਲ੍ਹ ਕੁੱਝ ਲੋਕ ਸੈਕਟਰ-71 ਵਿੱਚ ਪਸ਼ੂਆਂ ਨੂੰ ਫੜਨ ਆਈ ਨਗਰ ਨਿਗਮ ਦੀ ਟੀਮ ਨਾਲ ਉਲਝ ਗਏ ਸੀ। ਸਮੱਸਿਆ ਸਬੰਧੀ ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ ਦੀ ਸ਼ਿਕਾਇਤ ’ਤੇ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੈਕਟਰ-71 ਅਤੇ ਹੋਰਨਾਂ ਥਾਵਾਂ ਦਾ ਦੌਰਾ ਕਰਕੇ ਲਾਵਾਰਸ ਅਤੇ ਪਾਲਤੂ ਪਸ਼ੂਆਂ ਦੀ ਸਮੱਸਿਆ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਲੋਕਾਂ ਨੇ ਦੱਸਿਆ ਕਿ ਕੁੱਝ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਘਾਹ ਚਰਨ ਲਈ ਖੁੱਲ੍ਹਾ ਛੱਡ ਦਿੰਦੇ ਹਨ, ਜਿਸ ਕਾਰਨ ਸ਼ਹਿਰ ਦੀਆਂ ਪਾਰਕਾਂ ਪਸ਼ੂ ਚਰਾਂਦ ਬਣ ਗਈਆਂ ਹਨ ਅਤੇ ਹੁਣ ਗਲੀ ਮੁਹੱਲੇ ਵਿੱਚ ਘੁੰਮਦਿਆਂ ਜਿੱਥੇ ਪਸ਼ੂ ਲੋਕਾਂ ਦੇ ਘਰਾਂ ਮੂਹਰੇ ਅਤੇ ਸਾਈਡਾਂ ’ਤੇ ਫੁੱਲ ਬੂਟਿਆਂ ਅਤੇ ਬਗੀਚਿਆਂ ਨੂੰ ਤਹਿਸ ਨਹਿਸ ਕਰਦੇ ਹਨ, ਉੱਥੇ ਰਿਹਾਇਸ਼ੀ ਖੇਤਰ ਵਿੱਚ ਗੰਦਗੀ ਫੈਲ ਰਹੀ ਹੈ।
ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ ਨੇ ਮੰਤਰੀ ਨੂੰ ਦੱਸਿਆ ਕਿ ਕਮਿਊਨਿਟੀ ਸੈਂਟਰ ਦੇ ਸਾਹਮਣੇ ਸਬਜ਼ੀ ਮੰਡੀ ਵਾਲੀ ਥਾਂ ’ਤੇ ਨਗਰ ਨਿਗਮ ਵੱਲੋਂ ਉਸਾਰੀ ਕੰਧ ਵੀ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਪਸ਼ੂਆਂ ਨੂੰ ਖੁੱਲ੍ਹਾ ਛੱਡਣ ਵਾਲੇ ਪਸ਼ੂ ਪਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਅਤੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਲਈ ਕਹਿ ਕੇ ਲੋਕਾਂ ਦਾ ਗੁੱਸਾ ਸ਼ਾਂਤ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਕੰਧ ਢਾਹੁਣ ਅਤੇ ਸ਼ਹਿਰ ਵਿੱਚ ਪਸ਼ੂਆਂ ਨੂੰ ਖੁੱਲ੍ਹੇ ਛੱਡਣ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤੇ ਜਾਣ।