DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋਕ ਸਭਾ ਚੋਣਾਂ ਅੱਜ: ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਚੋਣ ਅਧਿਕਾਰੀਆਂ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ
  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚੋਂ ਚੋਣ ਸਮੱਗਰੀ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ ਹੁੰਦਾ ਹੋਇਆ ਅਮਲਾ। -ਫੋਟੋ: ਰਵੀ ਕੁਮਾਰ
Advertisement

ਕੁਲਦੀਪ ਸਿੰਘ

ਚੰਡੀਗੜ੍ਹ, 31 ਮਈ

Advertisement

ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਭਲਕੇ 1 ਜੂਨ ਨੂੰ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਪੈਣ ਵਾਲੀਆਂ ਵੋਟਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਵਿਨੈ ਪ੍ਰਤਾਪ ਸਿੰਘ ਆਈਏਐੱਸ ਨੇ ਅੱਜ ਪੋਲਿੰਗ ਸਟੇਸ਼ਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੱਖ-ਵੱਖ ਮਾਡਲ ਅਤੇ ਥੀਮ ਆਧਾਰਿਤ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਕੁੱਲ 614 ਪੋਲਿੰਗ ਸਟੇਸ਼ਨ ਹਨ। ਗਰਮੀ ਨਾਲ ਸਿੱਝਣ ਲਈ ਵਾਟਰ ਕੂਲਰ, ਵੇਟਿੰਗ ਰੂਮ, ਰੈਸਟ ਰੂਮ, ਛਾਂ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਿੰਗ ਦਾ ਅਰਾਮਦਾਇਕ ਅਨੁਭਵ ਯਕੀਨੀ ਬਣਾਇਆ ਜਾ ਸਕੇ। ਬਜ਼ੁਰਗ ਨਾਗਰਿਕਾਂ ਤੇ ਅਪਾਹਜ ਵਿਅਕਤੀਆਂ ਨੂੰ ਜਲਦੀ ਵੋਟਿੰਗ ਕਰਵਾਉਣ ਲਈ ਵਿਸ਼ੇਸ਼ ਕਤਾਰਾਂ ਬਣਾਈਆਂ ਜਾਣਗੀਆਂ। ਚੰਡੀਗੜ੍ਹ ਸੰਸਦੀ ਹਲਕੇ ਦੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ 55 ਮਾਡਲ ਪੋਲਿੰਗ ਸਟੇਸ਼ਨ, ਪੰਜ ਥੀਮ ਆਧਾਰਿਤ ਬੂਥ, ਪੰਜ ਔਰਤਾਂ ਦੁਆਰਾ ਪ੍ਰਬੰਧਿਤ ਬੂਥ, ਪੰਜ ਅਪਾਹਜ ਵਿਅਕਤੀਆਂ ਦੁਆਰਾ ਪ੍ਰਬੰਧਿਤ ਬੂਥ ਅਤੇ ਪੰਜ ਨੌਜਵਾਨ ਕੇਂਦਰਿਤ ਬੂਥ ਬਣਾਏ ਗਏ ਹਨ। ਇਸੇ ਤਰ੍ਹਾਂ ਵੋਟਰ ਸਾਰੀਆਂ ਚੋਣ ਸੇਵਾਵਾਂ ਅਤੇ ਜਾਣਕਾਰੀ ਲਈ ਟੋਲ-ਫਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਡਾਇਲ ਕਰ ਸਕਦੇ ਹਨ। ਚੰਡੀਗੜ੍ਹ ਦੇ ਵੋਟਰਾਂ ਦੀ ਸਹੂਲਤ ਲਈ ਚੰਡੀਗੜ੍ਹ ਸੀ.ਵੀ.ਏ. ਐਪ ਵੀ ਲਾਂਚ ਕੀਤਾ ਗਿਆ ਹੈ, ਜੋ ਕਿ ਵੋਟਰਾਂ ਨੂੰ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ’ਤੇ ਲਾਈਨਾਂ ਦੀ ਲੰਬਾਈ ਅਤੇ ਅੰਦਾਜ਼ਨ ਸਮੇਂ ਬਾਰੇ ਜਾਣਕਾਰੀ ਦੇਵੇਗਾ।

ਮੁਹਾਲੀ ਦੇ ਸੈਕਟਰ 78 ਸਥਿਤ ਸਪੋਰਟਸ ਕੰਪਲੈਕਸ ਵਿੱਚ ਚੋਣ ਸਮੱਗਰੀ ਦਾ ਜਾਇਜ਼ਾ ਲੈਂਦਾ ਹੋਇਆ ਅਮਲਾ। -ਫੋਟੋ: ਵਿੱਕੀ ਘਾਰੂ

ਜਿਲ੍ਹਾ ਚੋਣ ਅਧਿਕਾਰੀ ਵਿਨੈ ਪ੍ਰਤਾਪ ਸਿੰਘ ਨੇ ਚੰਡੀਗੜ੍ਹ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਪਾ ਕੇ ਲੋਕਤੰਤਰ ਦੇ ਜਸ਼ਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਚੰਡੀਗੜ੍ਹ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹਨ।

ਐੱਸਏਐੱਸ ਨਗਰ (ਦਰਸ਼ਨ ਸਿੰਘ ਸੋਢੀ): ਪੰਜਾਬ ਵਿੱਚ ਭਲਕੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਸ੍ਰੀ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮੁਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਕੁੱਲ 485 ਥਾਵਾਂ ’ਤੇ 818 ਪੋਲਿੰਗ ਬੂਥ ਬਣਾਏ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਗਰਗ ਨੇ ਦਦੱਸਿਆ ਕਿ ਚੋਣਾਂ ਨੂੰ ਨਿਰਪੱਖ ਤੇ ਆਜ਼ਾਦਾਨਾ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਅਗਲੇ 24 ਘੰਟੇ ਚੱਪੇ-ਚੱਪੇ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 33 ਸਥਾਨਾਂ ’ਤੇ 89 ਸੰਵੇਦਨਸ਼ੀਲ/ਨਾਜ਼ੁਕ ਬੂਥ ਐਲਾਨੇ ਗਏ ਹਨ, ਜਿਨ੍ਹਾਂ ਦੀ ਨਿਗਰਾਨੀ ਪੈਰਾ-ਮਿਲਟਰੀ ਫੋਰਸ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਅਤੇ ਮਾਈਕਰੋ ਆਬਜ਼ਰਵਰ ਵੀ ਇਨ੍ਹਾਂ ਬੂਥਾਂ ’ਤੇ ਤਿੱਖੀ ਨਜ਼ਰ ਰੱਖਣਗੇ।

ਮੁਹਾਲੀ ਪੁਲੀਸ ਤੇ ਪੈਰਾ ਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ

ਮੁਹਾਲੀ ਪੁਲੀਸ ਅਤੇ ਅਰਧ-ਸੈਨਿਕ ਬਲਾਂ ਨੇ ਅੱਜ ਦੇਰ ਸ਼ਾਮ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ’ਤੇ ਫਲੈਗ ਮਾਰਚ ਕੀਤਾ, ਜਿਸ ਦੀ ਅਗਵਾਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ, ਰੂਪਨਗਰ ਰੇਂਜ ਦੀ ਡੀਆਈਜੀ ਨੀਲਾਂਬਰੀ ਜਗਦਲੇ ਅਤੇ ਐੱਸਐੱਸਪੀ ਸੰਦੀਪ ਗਰਗ ਨੇ ਕੀਤੀ। ਇੱਥੋਂ ਦੇ ਫੇਜ਼-7 ਦੀ ਮਾਰਕੀਟ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਰਾਹੀਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਕਵਰ ਕੀਤਾ। ਡੀਆਈਜੀ ਨੇ ਦੱਸਿਆ ਕਿ ਗੁਆਂਢੀ ਸੂਬਿਆਂ ਨਾਲ ਲਗਦੀਆਂ ਮੁਹਾਲੀ ਜ਼ਿਲ੍ਹੇ ਦੀਆਂ ਹੱਦਾਂ ਅਤੇ ਸਮੂਹ ਐਂਟਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੈਰਾ-ਮਿਲਟਰੀ ਫੋਰਸ ਅਤੇ ਪੰਜਾਬ ਪੁਲੀਸ ਦੇ ਜਵਾਨ 24 ਘੰਟੇ ਗਸ਼ਤ ਕਰਨਗੇ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਲਗਾਤਾਰ ਫਲੈਗ ਮਾਰਚ ਅਤੇ ਪੈਦਲ ਮਾਰਚ ਕੀਤੇ ਜਾਣਗੇ।

Advertisement
×