ਪੱਤਰ ਪ੍ਰੇਰਕ
ਚੰਡੀਗੜ੍ਹ, 20 ਸਤੰਬਰ
ਇਥੇ ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ ਤੇ ਯੂਟੀ ਚੰਡੀਗੜ੍ਹ ਵੱਲੋਂ ਅੱਜ ਇਥੋਂ ਦੇ ਸੈਕਟਰ 44 ਵਿੱਚ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸ਼ਾਮਲ ਦੋਧੀਆਂ ਵੱਲੋਂ ਸਰਕਾਰਾਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਸਮੇਤ ਇੰਦਰਜੀਤ ਸਿੰਘ ਗਰੇਵਾਲ, ਕਾਮਰੇਡ ਸੱਜਣ ਸਿੰਘ, ਵਿਜੈ ਕੁਮਾਰ, ਐੱਚਐੱਸ ਉੱਪਲ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ ਆਦਿ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਕਾਰਨ ਵੱਡੀ ਗਿਣਤੀ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਲੰਪੀ ਸਕਿਨ ਬਿਮਾਰੀ ਨੂੰ ਕੁਦਰਤੀ ਮਾਰ ਐਲਾਨ ਕੇ ਪਸ਼ੂ ਪਾਲਕਾਂ ਨੂੰ ਸਰਕਾਰ ਪੰਜਾਹ ਹਜ਼ਾਰ ਰੁਪਏ ਪਤੀ ਪਸ਼ੂ ਮੁਆਵਜ਼ਾ ਦੇਵੇ। ਬਿਮਾਰੀ ਤੋਂ ਪੀੜਤ ਪਸ਼ੂਆਂ ਦਾ ਇਲਾਜ ਸਰਕਾਰੀ ਤੌਰ ’ਤੇ ਮੁਫ਼ਤ ਕੀਤਾ ਜਾਵੇ। ਆਗੂਆਂ ਨੇ ਸ਼ੋਸਲ ਮੀਡੀਆ ਉੱਤੇ ਦੋਧੀਆਂ ਖਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਨਿਖੇਧੀ ਵੀ ਕੀਤੀ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।