ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 6 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਮੁਹਾਲੀ ਦੇ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੋਰ ਵੱਖ-ਵੱਖ ਮਸਲਿਆਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਲੰਪੀ ਸਕਿਨ ਦੀ ਬਿਮਾਰੀ ਬਾਰੇ ਸਰਵੇ ਕਰਵਾਇਆ ਜਾਵੇ ਅਤੇ ਇਸ ਘਾਤਕ ਬੀਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਪਸ਼ੂ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ। ਕਿਸਾਨ ਆਗੂਆਂ ਕਿਰਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਨ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਕਿਹਾ ਕਿ ਜ਼ਿਆਦਾਤਰ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਲੋੜੀਂਦੇ ਡਾਕਟਰ ਅਤੇ ਸਟਾਫ਼ ਦੀ ਵੱਡੀ ਘਾਟ ਦੇ ਚੱਲਦਿਆਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਸਬੰਧੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹੀ ਨਹੀਂ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਦਵਾਈਆਂ ਨਾ ਹੋਣ ਕਾਰਨ ਬਾਹਰੋਂ ਮਹਿੰਗੀ ਦਵਾਈ ਲੈਣੀ ਪੈਂਦੀ ਹੈ। ਇਸ ਮੌਕੇ ਹੋਰ ਮੰਗਾਂ ਦਾ ਵੀ ਜ਼ਿਕਰ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਪਰਵਿੰਦਰ ਸਿੰਘ, ਜਨਰਲ ਸਕੱਤਰ ਬਲਕਾਰ ਸਿੰਘ ਭੰਗੂ, ਜੁਝਾਰ ਸਿੰਘ ਸਰਪੰਚ ਸੇਖਪੁਰਾ, ਸੀਨੀਅਰ ਮੀਤ ਪ੍ਰਧਾਨ ਨੈਬ ਸਿੰਘ, ਗੁਰਮੀਤ ਸਿੰਘ ਮੀਤ ਪ੍ਰਧਾਨ ਮਾਜਰੀ ਮੌਜੂਦ ਸਨ।