Chandigarh BJP Office Blast ਮਾਮਲੇ ਦੇ ਮੁੱਖ ਮੁਲਜ਼ਮ Haryana ਦੇ Rewari ਤੋਂ ਕਾਬੂ
ਗ੍ਰਿਫ਼ਤਾਰੀਆਂ ਦੀ ਗਿਣਤੀ ਸੱਤ ਹੋਈ; ਧਮਾਕਾ ਕਰਨ ਲਈ ਪਾਕਿਸਤਾਨੀ ISI ਦੇ ਇਸ਼ਾਰੇ ’ਤੇ 2 ਲੱਖ ਰੁਪਏ ਦਾ ਦਿੱਤਾ ਗਿਆ ਸੀ ਲਾਲਚ
ਪੰਜਾਬ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲੀਸ ਅਤੇ ਹਰਿਆਣਾ ਪੁਲੀਸ ਦੀ ਮਦਦ ਨਾਲ ਚੰਡੀਗੜ੍ਹ ਧਮਾਕੇ ਮਾਮਲੇ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਚੰਡੀਗੜ੍ਹ ਦੇ ਸੈਕਟਰ 37 ਵਿੱਚ ਭਾਜਪਾ ਦਫ਼ਤਰ ਦੇ ਬਾਹਰ ਪਹਿਲੀ ਅਪਰੈਲ ਨੂੰ ਹੋਏ ਗਰਨੇਡ ਹਮਲੇ ਦੇ ਦੋ ਮੁੱਖ ਮੁਲਜ਼ਮਾਂ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਨੂੰ ਹਰਿਆਣਾ ਦੇ ਰਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਸੱਤ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ। ਫੜੇ ਗਏ ਮੁਲਜ਼ਮਾਂ ਵਿੱਚੋਂ ਅਮਨਪ੍ਰੀਤ ਸਿੰਘ ’ਤੇ ਪਹਿਲਾਂ ਵੀ ਚੋਰੀ ਅਤੇ ਲੁੱਟ-ਖੋਹ ਦੇ ਕਈ ਮੁਕੱਦਮੇ ਦਰਜ ਹਨ।
ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਇਹ ਹਮਲਾ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਦੀ ਸ਼ਹਿ ’ਤੇ ਚੱਲ ਰਹੇ ਇੱਕ ਅਤਿਵਾਦੀ ਮਾਡਿਊਲ ਦਾ ਹਿੱਸਾ ਸੀ। ਪੁਰਤਗਾਲ ਵਿੱਚ ਬੈਠੇ ਬਲਜੋਤ ਸਿੰਘ ਉਰਫ਼ ਜੋਤ ਅਤੇ ਜਰਮਨੀ ਵਿੱਚ ਰਹਿ ਰਹੇ ਹਰਜੀਤ ਸਿੰਘ ਲਾਡੀ ਵੱਲੋਂ ਇਸ ਪੂਰੀ ਸਾਜ਼ਿਸ਼ ਤਹਿਤ ਨਿਰਦੇਸ਼ ਦਿੱਤੇ ਜਾ ਰਹੇ ਸਨ। ਇਨ੍ਹਾਂ ਵਿਦੇਸ਼ੀ ਹੈਂਡਲਰਾਂ ਨੇ ਮੁਲਜ਼ਮਾਂ ਨੂੰ ਇਸ ਹਮਲੇ ਨੂੰ ਅੰਜਾਮ ਦੇਣ ਦੇ ਬਦਲੇ 2 ਲੱਖ ਰੁਪਏ ਦੇਣ ਦਾ ਲਾਲਚ ਦਿੱਤਾ ਸੀ। ਪੁਲੀਸ ਅਨੁਸਾਰ ਇਹ ਕਾਰਵਾਈ ਪਹਿਲੀਆਂ ਗ੍ਰਿਫ਼ਤਾਰੀਆਂ ਦੇ 48 ਘੰਟਿਆਂ ਦੇ ਅੰਦਰ ਮੁਕੰਮਲ ਕਰ ਲਈ ਗਈ ਹੈ, ਜਿਸ ਨਾਲ ਇਸ ਮਾਡਿਊਲ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ।
ਪੰਜਾਬ ਦੇ ਡੀਜੀਪੀ (DGP) ਗੌਰਵ ਯਾਦਵ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਰੋਪੜ ਦੇ ਮੋਰਿੰਡਾ ਨੇੜਲੇ ਪਿੰਡ ਰਤਨਗੜ੍ਹ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਸ਼ਨੀਵਾਰ ਰਾਤ ਹਰਿਆਣਾ ਦੇ ਰਿਵਾੜੀ ਤੋਂ ਕਾਬੂ ਕੀਤਾ ਗਿਆ।
ਇੱਕ ਅਪਰੈਲ ਨੂੰ ਸੈਕਟਰ 37 ਵਿੱਚ ਹੋਏ ਇਸ ਧਮਾਕੇ ਵਿੱਚ ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ, ਪਰ ਕਾਰਾਂ ਦੇ ਸ਼ੀਸ਼ੇ ਟੁੱਟ ਗਏ ਸਨ ਅਤੇ ਇੱਕ ਸਕੂਟਰ ਨੂੰ ਨੁਕਸਾਨ ਪਹੁੰਚਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਦੀ ਜ਼ਿਗਾਨਾ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੀ ਮਦਦ ਨਾਲ ਚਲਾਇਆ ਜਾ ਰਿਹਾ ਸੀ, ਜਿਸ ਦੇ ਤਾਰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਗੁਰਤੇਜ ਸਿੰਘ ਪਿਛਲੇ ਛੇ ਮਹੀਨਿਆਂ ਤੋਂ ਪੁਰਤਗਾਲ ਰਹਿੰਦੇ ਬਲਜੋਤ ਸਿੰਘ ਉਰਫ਼ ਜੋਤ ਦੇ ਸੰਪਰਕ ਵਿੱਚ ਸੀ, ਜਿਸ ਨੇ ਉਸ ਨੂੰ ਹਥਿਆਰ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਪੰਜ ਹੋਰ ਵਿਅਕਤੀਆਂ ਦੀ ਪਛਾਣ ਬਲਵਿੰਦਰ ਲਾਲ, ਜਸਵੀਰ ਸਿੰਘ, ਚਰਨਜੀਤ ਸਿੰਘ, ਰੂਬਲ ਚੌਹਾਨ ਅਤੇ ਮਨਦੀਪ ਵਜੋਂ ਹੋਈ ਹੈ।
ਧਮਾਕੇ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਇਸ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ ਅਤੇ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸੁਖਜਿੰਦਰ ਸਿੰਘ ਬੱਬਰ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਅਮਨਪ੍ਰੀਤ ਸਿੰਘ 'ਤੇ ਪਹਿਲਾਂ ਵੀ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਅਤੇ ਭਾਰਤੀ ਨਿਆ ਸੰਹਿਤਾ (BNS) ਤਹਿਤ ਮਾਮਲਾ ਦਰਜ ਕਰ ਲਿਆ ਹੈ।

