ਮਜੀਠੀਆ ਕੇਸ: ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਚੁਣੌਤੀ
ਚੰਡੀਗੜ੍ਹ, 28 ਜੂਨ
ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਇਹ ਸਾਬਤ ਕਰਨ ਕਿ ਸਰਾਇਆ ਇੰਡਸਟਰੀਜ਼, ਜਿਸ ਵਿੱਚ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 11 ਫੀਸਦ ਹਿੱਸੇਦਾਰੀ ਵਿਰਾਸਤ ਵਿਚ ਮਿਲੀ ਸੀ, ਨੂੰ 2007 ਮਗਰੋਂ ਇੱਕ ਰੁਪਏ ਦਾ ਵੀ ਵਿਦੇਸ਼ੀ ਫੰਡ ਮਿਲਿਆ ਹੈ। ਵਿਜੀਲੈਂਸ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਵਰ੍ਹਦਿਆਂ ਬਾਦਲ ਨੇ ਕਿਹਾ ਕਿ ਸਾਬਕਾ ਅਕਾਲੀ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਕਿਉਂਕਿ ਉਹ ਵੱਖ-ਵੱਖ ਮੁੱਦਿਆਂ ’ਤੇ ਮਾਨ ਸਰਕਾਰ ਨੂੰ ‘ਲਗਾਤਾਰ ਬੇਨਕਾਬ’ ਕਰ ਰਿਹਾ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ 540 ਕਰੋੜ ਰੁਪਏ ਦੀ ‘ਡਰੱਗ ਮਨੀ’ ਦੀ ਲਾਂਡਰਿੰਗ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 540 ਕਰੋੜ ਰੁਪਏ ਤੋਂ ਵੱਧ ਦੀ ਨਸ਼ੀਲੇ ਪਦਾਰਥਾਂ ਰਾਹੀਂ ਕੀਤੀ ਕਮਾਈ ਕਈ ਢੰਗ ਤਰੀਕਿਆਂ ਨਾਲ ਸਫੇਦ ਕੀਤੀ ਗਈ ਸੀ। ਇਸ ਵਿੱਚ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ, ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੀ ਚੈਨਲਾਈਜ਼ੇਸ਼ਨ, ਕੰਪਨੀ ਦੇ ਵਿੱਤੀ ਸਟੇਟਮੈਂਟਾਂ ਵਿੱਚ ਖੁਲਾਸੇ ਜਾਂ ਸਪੱਸ਼ਟੀਕਰਨ ਤੋਂ ਬਿਨਾਂ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਕਮ ਅਤੇ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਮਜੀਠੀਆ ਵੱਲੋਂ ਚੱਲ ਅਤੇ ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈ।
ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵਿਜੀਲੈਂਸ ਬਿਊਰੋ ਦੇ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ। ਸੁਖਬੀਰ ਬਾਦਲ ਨੇ ਕਿਹਾ, ‘‘ਸਰਾਇਆ ਇੰਡਸਟਰੀਜ਼ ਨੂੰ ਸਿਰਫ਼ ਮਾਰਚ 2006 ਵਿੱਚ (ਸ਼੍ਰੋਮਣੀ ਅਕਾਲੀ ਦਲ ਦੇ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਇੱਕ ਸਾਲ ਪਹਿਲਾਂ) ਵਿਦੇਸ਼ੀ ਫੰਡ ਪ੍ਰਾਪਤ ਹੋਇਆ ਸੀ ਜਦੋਂ ਇਸ ਨੂੰ ਕੰਪਨੀ ਵਿੱਚ 25 ਪ੍ਰਤੀਸ਼ਤ ਸ਼ੇਅਰਾਂ ਦੇ ਬਦਲੇ ਅਮਰੀਕਾ ਸਥਿਤ ਕਲੀਅਰਵਾਟਰ ਕਾਰਪੋਰੇਸ਼ਨ ਤੋਂ 35 ਕਰੋੜ ਰੁਪਏ ਪ੍ਰਾਪਤ ਹੋਏ ਸਨ। ਮਜੀਠੀਆ ਨੇ 2007 ਵਿੱਚ ਹੀ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ।’’
ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਸਰਾਇਆ ਇੰਡਸਟਰੀਜ਼ ਵੱਲੋਂ ਗੰਨੇ ਦੀ ਖਰੀਦ ਅਤੇ ਡਿਸਟਿਲਰੀ ਕਾਰੋਬਾਰ ਕਰਦੇ ਸਮੇਂ ਕੀਤੇ ਗਏ ਸਾਰੇ ਨਕਦ ਲੈਣ-ਦੇਣ ਦੀ ਵੀ ਆਮਦਨ ਕਰ ਵਿਭਾਗ ਵੱਲੋਂ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਾਇਆ ਇੰਡਸਟਰੀਜ਼ ਲਿਮਟਿਡ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਸੀ ਜਿਸ ਨੂੰ ਇੱਕ ਪਬਲਿਕ ਲਿਮਟਿਡ ਕੰਪਨੀ ਮੰਨਿਆ ਜਾਂਦਾ ਸੀ ਅਤੇ ਇਹ ਮਜੀਠੀਆ ਤੋਂ ਵੱਖਰੀ ਇਕਾਈ ਸੀ। ਉਨ੍ਹਾਂ ਕਿਹਾ, ‘‘ਮਜੀਠੀਆ ਦਾ ਕੰਪਨੀ ਦੇ ਰੋਜ਼ਾਨਾ ਦੇ ਕੰਮਕਾਜ ’ਤੇ ਕੋਈ ਕੰਟਰੋਲ ਨਹੀਂ ਹੈ।’’ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਮਜੀਠੀਆ ਵਿਰੁੱਧ ਕੇਸ ਦਰਜ ਕਰਨ ਲਈ ਸੂਬੇ ਦੇ ਪੁਲੀਸ ਮੁਖੀ ’ਤੇ ਦਬਾਅ ਪਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਦਾਅਵਾ ਕੀਤਾ ਕਿ ਕੇਸ ਦਰਜ ਕਰਨ ਤੋਂ ਪਹਿਲਾਂ ਕੋਈ ਜਾਂਚ ਨਹੀਂ ਕੀਤੀ ਗਈ।
ਸੁਖਬੀਰ ਬਾਦਲ ਨੇ ਉਸ ਤਰੀਕੇ ਦੀ ਵੀ ਨਿੰਦਾ ਕੀਤੀ ਜਿਸ ਵਿੱਚ ਸੇਵਾਮੁਕਤ ਅਧਿਕਾਰੀਆਂ - ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ- ਨੂੰ ਵਿਜੀਲੈਂਸ ਬਿਊਰੋ ਵੱਲੋਂ ਡਰੱਗ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਬੁਲਾਇਆ ਗਿਆ ਹੈ। ਉਨ੍ਹਾਂ ਇਸ ਪੂਰੇ ਮਾਮਲੇ ਨੂੰ ‘ਗੈਰ-ਕਾਨੂੰਨੀ ਅਤੇ ਮਨਘੜਤ’ ਕਰਾਰ ਦਿੰਦੇ ਹੋਏ ਕਿਹਾ, ‘‘ਅਸੀਂ ਲੋਕਾਂ ਕੋਲ ਜਾਵਾਂਗੇ ਅਤੇ ‘ਆਪ’ ਸਰਕਾਰ ਦਾ ਪਰਦਾਫਾਸ਼ ਕਰਾਂਗੇ।’’ -ਪੀਟੀਆਈ