ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾ
ਕਰਮਜੀਤ ਸਿੰਘ ਚਿੱਲਾ
ਮੁਹਾਲੀ, 2 ਜੂਨ
ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ। ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੁਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ। ਪੁਲੀਸ ਨੇ ਅੰਬ ਸਾਹਿਬ ਤੋਂ ਪੁਲੀਸ ਨਾਕੇ ਤੋੜ ਕੇ ਵਿਜੀਲੈਂਸ ਭਵਨ ਵੱਲ ਮਾਰਚ ਕਰਦੇ ਹੋਏ ਅਕਾਲੀ ਆਗੂਆਂ, ਦਰਬਾਰਾ ਸਿੰਘ ਗੁਰੂ, ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਦਰਜਨਾਂ ਵਰਕਰਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ। ਸੁਖਬੀਰ ਸਣੇ ਬਾਕੀ ਆਗੂਆਂ ਨੂੰ ਫੇਜ਼ 11 ਦੇ ਥਾਣੇ ਵਿਚ ਲਿਜਾਣ ਤੋਂ ਕੁਝ ਦੇਰ ਬਾਅਦ ਛੱਡ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਅੱਜ ਜਿਵੇਂ ਹੀ ਚੰਡੀਗੜ੍ਹ-ਮੁਹਾਲੀ ਸਰਹੱਦ ਨੇੜੇ ਪੁੱਜੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸੁਖਬੀਰ ਬਾਦਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਵਿਰੁੱਧ ‘ਸ਼ਾਂਤਮਈ ਵਿਰੋਧ ਪ੍ਰਦਰਸ਼ਨ’ ਲਈ ਮੁਹਾਲੀ ਦੇ ਫੇਜ਼ 8 ਵਿਚਲੇ ਗੁਰਦੁਆਰਾ ਅੰਬ ਸਾਹਿਬ ਜਾ ਰਹੇ ਸਨ, ਜਿੱਥੇ ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ। ਮੁਹਾਲੀ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਵਰਕਰਾਂ ਨੂੰ ਇੱਕ ਬੱਸ ਵਿੱਚ ਮੁਹਾਲੀ ਪੁਲੀਸ ਥਾਣੇ ਲਿਜਾਇਆ ਗਿਆ।
ਬਾਦਲ ਨੇ ਕਿਹਾ ਕਿ ਉਹ ਅੰਬ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਉਨ੍ਹਾਂ ਨੇ ਪੰਜਾਬੀਆਂ ਦੇ ਜਮਹੂਰੀ ਹੱਕਾਂ ਦਾ ਕਤਲ ਕਰਨ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ।
Bhagwant Mann has imposed an UNDECLARED EMERGENCY in Punjab.
Akali workers proceeding to Mohali today for expressing solidarity with S Bikram Singh Majithia, who has been framed in a false case by the Aam Aadmi Party govt, are being detained at their houses & even being stopped…
— Sukhbir Singh Badal (@officeofssbadal) July 2, 2025
ਜਦੋਂ ਪੁਲੀਸ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਉਨ੍ਹਾਂ ਕੋਲ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਹਨ, ਤਾਂ ਅਕਾਲੀ ਆਗੂ ਨੇ ਸਵਾਲ ਕੀਤਾ, ‘‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਅਰਵਿੰਦ ਕੇਜਰੀਵਾਲ ਕਿਸ ਦੇ ਹੁਕਮ ਹਨ?’’
ਇਸ ਤੋਂ ਪਹਿਲਾਂ ਅੱਜ ਦਿਨੇਂ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ਉੱਤੇ ਲੋਧੀ ਨੰਗਲ ਖੇਤਰ ਦੇ ਅਕਾਲੀ ਵਰਕਰਾਂ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਮੁਹਾਲੀ ਕੋਰਟ ਵਿਚ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਉਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਆ ਰਹੇ ਅਕਾਲੀ ਵਰਕਰਾਂ ਨੂੰ ਨਾਕਾਬੰਦੀ ਕਰਕੇ ਰਸਤਿਆਂ ਵਿੱਚ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਨਹੀਂ ਆਉਣ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਕਾਰਵਾਈਆਂ ਨਾਲ ਅਕਾਲੀ ਵਰਕਰ ਡਰਨ ਵਾਲੇ ਨਹੀਂ ਹਨ ਅਤੇ ਉਹ ਇਸ ਦਾ ਲੋਕ ਲਹਿਰ ਬਣਾ ਕੇ ਡਟ ਕੇ ਜਵਾਬ ਦੇਣਗੇ।