ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਉਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਜਤਾਈ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਲੜਕੀਆਂ ਨੂੰ ਰਾਤ ਨੂੰ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਆਪਣੇ ਬਿਆਨ ਨਾਲ ਆਪ ਇਹ ਸਾਬਤ ਕਰ ਰਹੇ ਹਨ ਕਿ ਉਹ ਕਮਜ਼ੋਰ ਮੁੱਖ ਮੰਤਰੀ ਹਨ। ਇੱਕ ਔਰਤ ਹੋਣ ਦੇ ਬਾਵਜੂਦ ਉਹ ਦੂਜੀਆਂ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫ਼ਲ ਰਹੇ ਹਨ। ਇਹ ਬਿਆਨ ਉਨ੍ਹਾਂ ਦੀ ਨਾਕਾਮੀ ਅਤੇ ਪ੍ਰਸ਼ਾਸਨਿਕ ਬੇਬਸੀ ਨੂੰ ਉਜਾਗਰ ਕਰਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਵਿੱਜ ਨੇ ਦੋਸ਼ ਲਾਇਆ ਕਿ ਮਮਤਾ ਬੈਨਰਜੀ ਪਹਿਲਾਂ ਵੀ ਕਈ ਵਾਰ ਆਪਣੀ ਬੇਵੱਸੀ ਦਾ ਪ੍ਰਦਰਸ਼ਨ ਕਰ ਚੁੱਕੇ ਹਨ। ਕਾਂਗਰਸ ਵੱਲੋਂ ਅਨੁਸ਼ਾਸਨ ਕਮੇਟੀ ਬਣਾਉਣ ਬਾਰੇ ਪੁੱਛੇ ਸਵਾਲ ’ਤੇ ਸ੍ਰੀ ਵਿੱਜ ਨੇ ਕਿਹਾ ਕਿ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ, ਇਸ ’ਤੇ ਟਿੱਪਣੀ ਕਰਨੀ ਠੀਕ ਨਹੀਂ।