ਪੱਤਰ ਪ੍ਰੇਰਕ
ਚੰਡੀਗੜ੍ਹ, 5 ਦਸੰਬਰ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਆ ਵੱਲੋਂ ਅੱਜ ਪੀ.ਜੀ.ਆਈ. ਚੰਡੀਗੜ੍ਹ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਖੇਡ ਮੰਤਰੀ ਅਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਸਿੰਘ ਠਾਕੁਰ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਪੀ.ਜੀ.ਆਈ. ਦੇ ਇਤਿਹਾਸ, ਪਰੰਪਰਾਵਾਂ ਅਤੇ ਅਕਾਦਮਿਕ ਵਿਕਾਸ ਬਾਰੇ ਪਾਵਰ-ਪੁਆਇੰਟ ਰਾਹੀਂ ਪੇਸ਼ਕਾਰੀ ਕੀਤੀ ਗਈ। ਕੇਂਦਰੀ ਸਿਹਤ ਮੰਤਰੀ ਨੂੰ ਹਸਪਤਾਲ ਦੇ ਢਾਂਚੇ, ਮਰੀਜ਼ਾਂ ਦੀ ਦੇਖਭਾਲ, ਸਿਖਲਾਈ ਅਤੇ ਖੋਜ ਦੇ ਉੱਨਤ ਕੇਂਦਰਾਂ ਦੇ ਨਾਲ-ਨਾਲ ਆਉਣ ਵਾਲੇ ਨਵੇਂ ਕੇਂਦਰਾਂ ਜਿਵੇਂ ਕਿ ਐਡਵਾਂਸਡ ਨਿਊਰੋਸਾਇੰਸ ਸੈਂਟਰ ਅਤੇ ਐਡਵਾਂਸਡ ਮਦਰ ਐਂਡ ਚਾਈਲਡ ਕੇਅਰ ਸੈਂਟਰ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਸੰਗਰੂਰ, ਫਿਰੋਜ਼ਪੁਰ (ਪੰਜਾਬ) ਅਤੇ ਊਨਾ (ਹਿਮਾਚਲ ਪ੍ਰਦੇਸ਼) ਵਿੱਚ ਪੀ.ਜੀ.ਆਈ. ਦੇ ਤਿੰਨ ਸੈਟੇਲਾਈਟ ਕੇਂਦਰਾਂ ਦੀ ਪ੍ਰਗਤੀ ਵੀ ਦਿਖਾਈ ਗਈ। ਹਸਪਤਾਲ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮਰੀਜ਼ਾਂ ਦੇ ਲੋਡ ਦੀ ਵਿਆਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਖੇਤਰ ਵਿੱਚ ਜ਼ਿਲ੍ਹਾ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਦੇ ਪੱਧਰ ’ਤੇ ਬਹੁਤ ਸਾਰੇ ਰੈਫਰਲ ਕੇਸਾਂ ਨੂੰ ਨਜਿੱਠਿਆ ਜਾ ਸਕਦਾ ਹੈ ਪ੍ਰੰਤੂ ਫਿਰ ਵੀ ਵੱਡੀ ਗਿਣਤੀ ਵਿੱਚ ਮਰੀਜ਼ ਆਪਣੇ ਇਲਾਜ ਲਈ ਪੀ.ਜੀ.ਆਈ. ਆਉਣਾ ਪਸੰਦ ਕਰਦੇ ਹਨ ਜਿਸ ਕਾਰਨ ਇੱਥੇ ਮਰੀਜ਼ਾਂ ਦੀ ਸੰਖਿਆ ਕਾਫ਼ੀ ਜ਼ਿਆਦਾ ਵਧ ਜਾਂਦੀ ਹੈ। ਕੇਂਦਰੀ ਮੰਤਰੀ ਨੇ ਇੰਸਟੀਚਿਊਟ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਗਹੁ ਨਾਲ ਸੁਣਿਆ ਅਤੇ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਇੰਸਟੀਚਿਊਟ ਵਿੱਚ ਕੰਮ ਕਰਨ ਵਾਲੇ ਸਟਾਫ਼, ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਸਮੇਤ ਸਾਰੇ ਹਿੱਸੇਦਾਰਾਂ (ਸਟੇਕ ਹੋਲਡਰਾਂ) ਤੋਂ ਮਰੀਜ਼ਾਂ ਦੀ ਦੇਖਭਾਲ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਨਵੇਂ ਵਿਚਾਰ ਅਤੇ ਸੁਝਾਵਾਂ ਦੀ ਮੰਗ ਵੀ ਕੀਤੀ। ਬਾਅਦ ਵਿੱਚ ਕੇਂਦਰੀ ਸਿਹਤ ਮੰਤਰੀ ਨੇ ਐਡਵਾਂਸਡ ਟਰੌਮਾ ਸੈਂਟਰ ਦਾ ਦੌਰਾ ਵੀ ਕੀਤਾ ਜਿੱਥੇ ਉਨ੍ਹਾਂ ਨੇ ਡਾਕਟਰਾਂ, ਪੈਰਾ-ਮੈਡਿਕਸ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ।