ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਖਿਲਾਫ਼ ਅਦਾਲਤ ਦਾ ਬੂਹਾ ਖੜਕਾਏਗੀ ਮਾਨ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀਓ ਸੁਨੇਹੇ ਵਿਚ ਕੇਂਦਰ ਸਰਕਾਰ ਦੇ ਫੈਸਲੇ ਦੀ ਨਿਖੇਧੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀ ਨਿਖੇਧੀ ਕੀਤੀ ਹੈ। ਮਾਨ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਮੁੜ ਸਭ ਦੇ ਸਾਹਮਣੇ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਦੇਸ਼ ਦੇ ਲੋਕਾਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਕੇ ਇਹ ਦਾਅਵਾ ਕੀਤਾ ਹੈ।
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਇਸ ਵਿੱਚੋਂ ਪੰਜਾਬ ਦੀ ਸ਼ਮੂਲੀਅਤ ਨੂੰ ਖ਼ਤਮ ਕਰਨ ਦੇ ਬੀਜੇਪੀ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ। ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ। https://t.co/dRPqKufEre
— Bhagwant Mann (@BhagwantMann) November 2, 2025
ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਏਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਲੋਕ ਸਭਾ ਅਤੇ ਕਿਸੇ ਵੀ ਸੂਬੇ ਦੀ ਵਿਧਾਨ ਸਭਾ ਵੱਲੋਂ ਬਣਾਏ ਗਏ ਐਕਟ ਨੂੰ ਇੱਕ ਨੋਟੀਫਿਕੇਸ਼ਨ ਰਾਹੀ ਰੱਦ ਨਹੀਂ ਕੀਤਾ ਜਾ ਸਕਦਾ, ਪਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਮਸਲੇ ਵਿੱਚ ਅਜਿਹੀ ਧੱਕੇਸ਼ਾਹੀ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਬੀਬੀਐਮਬੀ ਦੇ ਮੁੱਦੇ ’ਤੇ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਇਆ ਗਿਆ। ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਵੀ ਪੰਜਾਬ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਵਿਚ ਕੁੜੀਆਂ ਦਾ ਹੋਸਟਲ ਬਣਾਉਣ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਡੱਟ ਕੇ ਵਿਰੋਧ ਕਰੇਗੀ।

