Mansa Drug Case: ਪੁਲੀਸ ਖ਼ਿਲਾਫ਼ ਹਾਈ ਕੋਰਟ ਪਹੁੰਚਿਆ ਦਲਜੀਤ ਸਿੰਘ ਦਾ ਪਰਿਵਾਰ
CBI ਜਾਂਚ ਅਤੇ ਪੀਜੀਆਈ ’ਚ ਪੋਸਟਮਾਰਟਮ ਦੀ ਮੰਗ
ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਮੌਤ ਦੀ ਸੀਬੀਆਈ (CBI) ਜਾਂਚ ਅਤੇ ਪੀਜੀਆਈਐੱਮਈਆਰ (PGIMER), ਚੰਡੀਗੜ੍ਹ ਵਿਖੇ ਸੁਤੰਤਰ ਪੋਸਟਮਾਰਟਮ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ। ਆਪਣੀ ਅਪਰਾਧਿਕ ਰਿੱਟ ਪਟੀਸ਼ਨ ਵਿੱਚ ਉਸ ਨੇ ਆਪਣੇ ਅਤੇ ਮ੍ਰਿਤਕ ਦੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਪਟੀਸ਼ਨਰ ਨੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਅਤੇ ਦੇਹ ਨੂੰ ਜ਼ਬਰਦਸਤੀ ਲੈ ਕੇ ਜਾਣ ਅਤੇ ਨਾਲ ਆਏ ਇਕੱਠ ’ਤੇ ਬਲ ਪ੍ਰਯੋਗ ਕਰਨ ਵਿੱਚ ਕਥਿਤ ਤੌਰ ’ਤੇ ਸ਼ਾਮਲ ਪੁਲੀਸ ਅਧਿਕਾਰੀਆਂ ਵਿਰੁੱਧ ਵਿਭਾਗੀ ਅਤੇ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਹੈ।
ਪਟੀਸ਼ਨ ਅਨੁਸਾਰ, ਦਲਜੀਤ ਸਿੰਘ 27 ਅਕਤੂਬਰ ਨੂੰ ਉਸ ਸਮੇਂ ਮ੍ਰਿਤਕ ਪਾਇਆ ਗਿਆ ਸੀ ਜਦੋਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਹ ਆਪਣੇ ਘਰ ਤੋਂ ਲਗਪਗ 1.5 ਤੋਂ 2 ਕਿਲੋਮੀਟਰ ਦੂਰ ਬੇਹੋਸ਼ ਪਿਆ ਹੈ। ਪਰਿਵਾਰ ਨੂੰ ਖਦਸ਼ਾ ਸੀ ਕਿ ਉਸ ਦੀ ਮੌਤ ਨਸ਼ੇ ਦੀ ਵੱਧ ਮਾਤਰਾ (ਓਵਰਡੋਜ਼) ਲੈਣ ਨਾਲ ਹੋਈ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪਰਿਵਾਰ, ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਪਣੀ ਆਵਾਜ਼ ਚੁੱਕਣ ਲਈ ਮ੍ਰਿਤਕ ਦੇਹ ਨੂੰ ਮਾਨਸਾ ਵਿੱਚ ਚੱਲ ਰਹੇ ਧਰਨੇ ’ਚ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ, ਪਟੀਸ਼ਨਰ ਦਾ ਦੋਸ਼ ਹੈ ਕਿ ਪੁਲੀਸ ਨੇ ਮਾਨਸਾ ਦੇ ਰਾਮਦਿੱਤੇ ਵਾਲਾ ਚੌਕ ’ਚ ਉਨ੍ਹਾਂ ਦਾ ਰਾਹ ਰੋਕ ਲਿਆ ਅਤੇ ਬਾਅਦ ’ਚ ਇਕੱਠ ’ਤੇ ਲਾਠੀਚਾਰਜ ਕੀਤਾ, ਪਰਿਵਾਰਕ ਮੈਂਬਰਾਂ ਅਤੇ ਮੀਡੀਆ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ ਅਤੇ ਮ੍ਰਿਤਕ ਦੇਹ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ।
ਉਸ ਨੇ ਅੱਗੇ ਦੋਸ਼ ਲਾਇਆ ਕਿ ਉਸ ਦੇ ਪਿਤਾ ਜਰਨੈਲ ਸਿੰਘ ਨੂੰ ਪੁਲੀਸ ਹਿਰਾਸਤ ਵਿੱਚ ਲਿਆ ਗਿਆ ਅਤੇ ਸਮਝੌਤਾ ਕਰਨ ਅਤੇ ਦੇਹ ਦਾ ਸਸਕਾਰ ਕਰਨ ਲਈ ਦਬਾਅ ਪਾਇਆ ਗਿਆ। ਮ੍ਰਿਤਕ ਦੀ ਪਤਨੀ ਅਤੇ ਨਾਬਾਲਗ ਪੁੱਤਰ ਨੂੰ ਵੀ ਕਥਿਤ ਤੌਰ ’ਤੇ ਥਾਣਾ ਸਿਟੀ-1 ਮਾਨਸਾ ਲਿਜਾਇਆ ਗਿਆ ਅਤੇ 28 ਅਕਤੂਬਰ ਦੀ ਅੱਧੀ ਰਾਤ ਨੂੰ ਛੱਡਿਆ ਗਿਆ।
ਪਟੀਸ਼ਨਰ ਨੇ ਦਾਅਵਾ ਕੀਤਾ ਹੈ ਕਿ ਪਰਿਵਾਰ ਨੂੰ 30 ਅਕਤੂਬਰ ਨੂੰ ਮੀਡੀਆ ਰਾਹੀਂ ਪਤਾ ਲੱਗਾ ਕਿ ਪਰਿਵਾਰ ਦੀ ਜਾਣਕਾਰੀ ਜਾਂ ਸਹਿਮਤੀ ਤੋਂ ਬਿਨਾਂ ਹੀ ਪੋਸਟਮਾਰਟਮ ਕਰਵਾਇਆ ਗਿਆ ਹੈ, ਜਦੋਂ ਕਿ ਮ੍ਰਿਤਕ ਦੇਹ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਟੀਸ਼ਨ ਵਿੱਚ ਪੰਜਾਬ ਸਰਕਾਰ, ਡੀਜੀਪੀ ਪੰਜਾਬ, ਸੀਬੀਆਈ, ਐੱਸਐੱਸਪੀ ਮਾਨਸਾ ਅਤੇ ਪੀਜੀਆਈਐੱਮਈਆਰ ਚੰਡੀਗੜ੍ਹ ਨੂੰ ਧਿਰ ਬਣਾਇਆ ਗਿਆ ਹੈ।

