ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 10 ਅਕਤੂਬਰ
ਭਾਰਤੀ ਇਨਕਲਾਬੀ ਮਾਰਕਸੀ ਪਾਰਟੀ (ਆਰਐੱਮਪੀਆਈ) ਨੇ ਅੱਜ ਰੇਤੇ ਬਜਰੀ ਦੀਆਂ ਅਸਮਾਨ ਛੂਹਦੀਆਂ ਕੀਮਤਾਂ ਦੇ ਵਿਰੋਧ ਵਿੱਚ ਸਿੰਘ ਸ਼ਹੀਦਾਂ ਸੋਹਾਣਾ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਰੈਲੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਾਨੂੰਨੀ ਮਾਈਨਿੰਗ ਨੀਤੀ ਨੂੰ ਨਿਯਮਾਂ ਅਨੁਸਾਰ ਲਾਗੂ ਨਾ ਕੀਤੇ ਜਾਣ ਕਾਰਨ ਪੰਜਾਬ ਵਿੱਚ ਰੇਤੇ ਬਜਰੀ ਦੀ ਕਾਲਾਬਾਜ਼ਾਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚੋਂ ਰੇਤੇ ਦਾ ਇੱਕ ਤਸਲਾ 50 ਰੁਪਏ ਦਾ ਮਿਲਦਾ ਹੈ ਤੇ ਉਸਾਰੀ ਦੇ ਸਮੁੱਚੇ ਕੰਮ ਬੰਦ ਹੋ ਗਏ ਹਨ, ਜਿਸ ਨਾਲ ਉਸਾਰੀ ਮਜ਼ਦੂਰ ਵਿਹਲੇ ਬੈਠਣ ਲਈ ਮਜਬੂਰ ਹਨ। ਇਸ ਮੌਕੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਕਾਨੂੰਨੀ ਮਾਈਨਿੰਗ ਦੀ ਤੁਰੰਤ ਇਜਾਜ਼ਤ ਦੇਣ ਅਤੇ ਲੋਕਾਂ ਨੂੰ ਸਸਤਾ ਰੇਤਾ ਬਜਰੀ ਮੁਹੱਈਆ ਕਰਾਉਣ ਦੀ ਮੰਗ ਕੀਤੀ। ਐੱਸਡੀਐੱਮ ਸਰਵਜੀਤ ਕੌਰ ਨੇ ਮੰਗ ਪੱਤਰ ਹਾਸਿਲ ਕਰਦਿਆਂ ਪੰਜਾਬ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ।