ਪੱਤਰ ਪ੍ਰੇਰਕ
ਚੰਡੀਗੜ੍ਹ, 13 ਦਸੰਬਰ
ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਅੱਜ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੂਟਾ) ਦੀ ਚੰਡੀਗੜ੍ਹ ਇਕਾਈ ਦੇ ਨਾਲ ਮਿਲ ਕੇ ‘ਪਫੁਕਟੋ’ ਦੇ ਬੈਨਰ ਹੇਠ ਪੰਜਾਬ ਦੇ ਗਵਰਨਰ ਹਾਊਸ ਵੱਲ ਪੈਦਲ ਰੋਸ ਮਾਰਚ ਕੀਤਾ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਤੋਂ ਗਵਰਨਰ ਹਾਊਸ ਵੱਲ ਸ਼ੁਰੂ ਹੋਇਆ ਇਹ ਪੈਦਲ ਰੋਸ ਮਾਰਚ ਚੰਡੀਗੜ੍ਹ ਪੁਲਿਸ ਵੱਲੋਂ ਕਾਲਜ ਦੇ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੇ ਅਧਿਆਪਕਾਂ ਪ੍ਰਤੀ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ। ਰੋਸ ਮਾਰਚ ਦੌਰਾਨ ‘ਪੂਟਾ’ ਦੇ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ ਅਤੇ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ ਦੀ ਅਗਵਾਈ ਹੇਠ ਇੱਕ ਵਫ਼ਦ ਨੂੰ ਗਵਰਨਰ ਹਾਊਸ ਲਿਜਾਇਆ ਗਿਆ ਜਿੱਥੇ ਕਿ ਵਫ਼ਦ ਨੇ ਰਾਜਪਾਲ ਦੇ ਏਡੀਸੀ. ਨੂੰ ਆਪਣਾ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ, ਨਵੀਆਂ ਭਰਤੀਆਂ ਵਿੱਚ ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਨਾਲੋਂ ਡੀ-ਲਿੰਕ ਕੀਤੇ ਜਾਣ ਦਾ ਫ਼ੈਸਲਾ ਤੁਰੰਤ ਰੱਦ ਕੀਤਾ ਜਾਵੇ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੇ ਸੱਦੇ ’ਤੇ ਸਥਾਨਕ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲ਼ਾਫ਼ ਧਰਨਾ ਲਾ ਕੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸੱਤਵੇਂ ਵੇਤਨ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਕੀਤੀ। ਪੰਜਾਬ ਦੀਆਂ ਉਚੇਰੀ ਸਿੱਖਿਆ ਨਾਲ ਸਬੰਧਤ ਸੰਸਥਾਵਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਵੱਲੋਂ ਲੰਬੇ ਸਮੇਂ ਤੋਂ 7ਵੇਂ ਪੇ ਕਮਿਸ਼ਨ ਅਨੁਸਾਰ ਯੂ.ਜੀ.ਸੀ ਪੇ ਸਕੇਲ ਲਾਗੂ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੇ ਸਕੇਲਾਂ ਨੂੰ ਯੂ.ਜੀ.ਸੀ. ਨਾਲੋਂ ਡੀ ਲਿੰਕ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਨ ਦੀ ਮੰਗ ਕੀਤੀ ਜਾ ਰਹੀ ਹੈ।