ਨੋਧੇਮਾਜਰਾ ਵਿੱਚ ਵਿਆਹੁਤਾ ਦਾ ਕਤਲ, ਲਾਸ਼ ਖੇਤਾਂ ਵਿੱਚੋਂ ਮਿਲੀ
ਬਲਾਕ ਨੂਰਪੁਰ ਬੇਦੀ ਦੇ ਪਿੰਡ ਨੋਧੇਮਾਜਰਾ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਔਰਤ ਦੀ ਲਾਸ਼ ਇੱਕ ਖੇਤ ਵਿੱਚੋਂ ਮਿਲੀ ਹੈ। ਉਸ ਦੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਮ੍ਰਿਤਕ ਦੀ ਪਛਾਣ ਮਨਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਜੈਤੇਵਾਲ ਵਜੋਂ ਹੋਈ ਹੈ। ਉਹ ਆਪਣੇ ਮਾਪੇ ਘਰ ਨੋਧੇਮਾਜਰਾ ਆਈ ਹੋਈ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਉਹ ਰਾਤ 9 ਵਜੇ ਦੇ ਕਰੀਬ ਆਪਣੇ ਮੋਬਾਈਲ ਫੋਨ ’ਤੇ ਗੱਲ ਕਰਦੀ ਹੋਈ ਬਾਹਰ ਚਲੀ ਗਈ। ਮੈਂਬਰਾਂ ਨੇ ਉਸ ਦੇ ਮੋਬਾਈਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫੋਨ ਬੰਦ ਆਇਆ। ਅੱਜ ਸਵੇਰੇ ਉਸ ਦੀਆਂ ਚੱਪਲਾਂ ਤੇ ਲਾਸ਼ ਇੱਕ ਖੇਤ ਵਿੱਚੋਂ ਬਰਾਮਦ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕਾ ਮਨਜਿੰਦਰ ਕੌਰ ਦਾ ਕਤਲ ਕੀਤਾ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਡੀਐੱਸਪੀ ਅਜੇ ਸਿੰਘ ਅਤੇ ਨੂਰਪੁਰ ਬੇਦੀ ਪੁਲੀਸ ਥਾਣੇ ਦੇ ਐੱਸਐੱਚਓ ਇੰਸਪੈਕਟਰ ਸੁਨੀਲ ਕੁਮਾਰ ਘਟਨਾ ਸਥਾਨ ’ਤੇ ਪਹੁੰਚ ਗਏ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਮਨਜਿੰਦਰ ਕੌਰ ਦੇ ਵਾਰਸਾਂ ਨੇ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਤੱਕ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਸਕਾਰ ਨਹੀਂ ਕਰਨਗੇ।