ਆਤਿਸ਼ ਗੁਪਤਾ
ਚੰਡੀਗੜ੍ਹ, 25 ਅਪਰੈਲ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੇ ਵਧਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਪਹਿਲਾਂ ਹੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਜਨਤਕ ਅਤੇ ਅੰਦਰੂਨੀ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ ਜਦਕਿ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਜਾਰੀ ਕੀਤੇ ਹਨ। ਇਹ ਹੁਕਮ ਸ਼ਹਿਰ ਵਿੱਚ ਅੱਜ ਤੋਂ ਲਾਗੂ ਕਰ ਦਿੱਤੇ ਗਏ ਹਨ।
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਜਨਤਕ ਟਰਾਂਸਪੋਰਟ ਬੱਸਾਂ, ਕੈਬਾਂ, ਥ੍ਰੀ-ਵ੍ਹੀਲਰਾਂ ਵਿੱਚ ਸਫ਼ਰ ਦੌਰਾਨ ਮਾਸਕ ਦੀ ਵਰਤੋਂ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਸਿਨੇਮਾ ਘਰ, ਸ਼ਾਪਿੰਗ ਮਾਲ, ਦੁਕਾਨਾਂ, ਸਕੂਲਾਂ-ਕਾਲਜਾਂ ਵਿੱਚ ਵੀ ਹਰ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇਗੀ। ਜਾਰੀ ਆਦੇਸ਼ਾਂ ਅਨੁਸਾਰ ਸਰਕਾਰੀ ਤੇ ਨਿੱਜੀ ਦਫ਼ਤਰ ਅਤੇ ਹਰ ਤਰ੍ਹਾਂ ਦੇ ਅੰਦਰੂਨੀ ਇਕੱਠ ਵਿੱਚ ਮਾਸਕ ਦੀ ਵਰਤੋਂ ਕਰਨੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਨਾ ਕਰਨ ਵਾਲੇ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕਾਰਵਾਈ ਕਰਦਿਆਂ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ।
ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਇਸ ਬਾਰੇ ਨਗਰ ਨਿਗਮ ਦੇ ਵਧੀਕ ਤੇ ਸੰਯੁਕਤ ਕਮਿਸ਼ਨਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਨਿਗਮ ਦੇ ਹੈਲਥ ਅਫ਼ਸਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਗਏ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਮਾਸਕ ਦੀ ਵਰਤੋਂ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹੁਣ ਤੱਕ 92,007 ਲੋਕ ਕਰੋਨਾ ਪਾਜ਼ੇਟਿਵ ਮਿਲ ਚੁੱਕੇ ਹਨ, ਜਿਨ੍ਹਾਂ ਵਿੱਚੋਂ 90,801 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ ਜਦਕਿ ਸ਼ਹਿਰ ਵਿੱਚ ਕਰੋਨਾਵਾਇਰਸ ਕਾਰਨ ਹੁਣ ਤੱਕ 1,165 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 41 ਹੈ।
ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ 4 ਮਈ ਤੋਂ ਨਹੀਂ ਮਿਲੇਗੀ ਸਕੂਲ ਵਿੱਚ ‘ਐਂਟਰੀ’
ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ 4 ਮਈ ਤੋਂ ਕਰੋਨਾ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ 12 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਐਂਟਰੀ ਨਾ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸਕੱਤਰ ਸਿਹਤ ਨਾਲ ਕੋਵਿਡ ਵੈਕਸੀਨੇਸ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਯੂਟੀ ਦੇ ਸਕੂਲਾਂ ਵਿੱਚ 12 ਤੋਂ 18 ਸਾਲ ਦੇ ਬੱਚਿਆਂ ਲਈ ਕੋਵਿਡ ਵੈਕਸੀਨੇਸ਼ਨ ਲਾਜ਼ਮੀ ਕਰ ਦਿੱਤੀ ਹੈ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਦਾ ਕਹਿਣਾ ਹੈ ਕਿ ਕੋਵਿਡ ਵੈਕਸੀਨ ਨਾ ਲਗਵਾਉਣ ਵਾਲੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਇਹ ਫ਼ੈਸਲਾ ਲਿਆ ਹੈ। ਇਸ ਲਈ ਯੂਟੀ ਪ੍ਰਸ਼ਾਸਨ ਨੇ ਸਿੱਖਿਆ ਵਿਭਾਗ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ 3 ਜਨਵਰੀ 2022 ਤੋਂ 15 ਤੋਂ 18 ਸਾਲ ਅਤੇ 16 ਮਾਰਚ 2022 ਤੋਂ 12 ਤੋਂ 14 ਸਾਲ ਦੇ ਬੱਚਿਆਂ ਦੇ ਕੋਵਿਡ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਸੀ। ਇਸ ਲਈ ਸਿਹਤ ਵਿਭਾਗ ਵੱਲੋਂ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਾਏ ਗਏ। ਇਸ ਦੌਰਾਨ 12 ਤੋਂ 18 ਸਾਲ ਦੇ 40 ਹਜ਼ਾਰ ਬੱਚਿਆਂ ਨੇ ਕੋਵਿਡ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲਗਵਾ ਲਈ ਹੈ। ਸਿਹਤ ਵਿਭਾਗ ਅਨੁਸਾਰ ਸ਼ਹਿਰ ਵਿੱਚ 15 ਤੋਂ 18 ਸਾਲ ਦੇ 92 ਫ਼ੀਸਦੀ ਵਿਦਿਆਰਥੀਆਂ ਨੇ ਪਹਿਲੀ ਡੋਜ਼ ਅਤੇ 54 ਫ਼ੀਸਦੀ ਬੱਚਿਆਂ ਨੇ ਦੂਜੀ ਡੋਜ਼ ਲਗਵਾ ਲਈ ਹੈ। ਇਸੇ ਤਰ੍ਹਾਂ 12 ਤੋਂ 14 ਸਾਲ ਉਮਰ ਵਰਗ ਦੇ 37 ਫ਼ੀਸਦੀ ਬੱਚਿਆਂ ਨੇ ਪਹਿਲੀ ਡੋਜ਼ ਅਤੇ ਸਿਰਫ਼ ਤਿੰਨ ਫ਼ੀਸਦੀ ਬੱਚਿਆਂ ਨੇ ਦੂਜੀ ਡੋਜ਼ ਲਗਵਾਈ ਹੈ। – ਟਨਸ