ਮਾਸਟਰ ਕੇਡਰ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ
ਮਿਹਰ ਸਿੰਘ
ਕੁਰਾਲੀ, 14 ਜੁਲਾਈ
ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਯੂਨੀਅਨ ਵਲੋਂ ਸਰਕਾਰ ਦੀ ਇੱਟ ਨਾਲ ਇੱਟ ਖੜਕਾਉਣ ਲਈ ਜ਼ੋਨ ਪੱਧਰੀ ਮੀਟਿੰਗਾਂ ਕਰਨ ਅਤੇ ਉਸ ਤੋਂ ਬਾਅਦ ਸੂਬਾ ਪੱਧਰ ’ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਜਨਰਲ ਸਕੱਤਰ ਹਰਮੰਦਰ ਸਿੰਘ ਉੱਪਲ, ਸਰਪ੍ਰਸਤ ਹਰਭਜਨ ਸਿੰਘ, ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ, ਸੂਬਾ ਵਿੱਤ ਸਕੱਤਰ ਰਮਨ ਕੁਮਾਰ, ਸੂਬਾ ਸਕੱਤਰ ਜਨਰਲ ਅਰਜਿੰਦਰ ਕਲੇਰ ਅਤੇ ਮੀਤ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡੀਏ ਦੀਆਂ ਕਿਸ਼ਤਾਂ, ਪੇਂਡੂ ਭੱਤਾ, ਬਾਰਡਰ ਏਰੀਆ ਅਲਾਊਂਸ, ਏਸੀਪੀ, ਪੁਰਾਣੀ ਪੈਨਸ਼ਨ ਸਬੰਧੀ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਅਣਐਲਾਨੀ ਵਿੱਤੀ ਐਮਰਜੈਂਸੀ ਲਗਾ ਕੇ ਤਨਖਾਹਾਂ ਵੀ ਰੋਕੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਾਰ ਜ਼ੋਨਾਂ ਮਾਝਾ, ਮਾਲਵਾ, ਦੁਆਬਾ ਅਤੇ ਪੁਆਧ ਵਿੱਚ ਵੰਡ ਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾ ਪੜਾਅ ਵਿੱਚ ਜ਼ੋਨ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਫਿਰ ਸੂਬਾ ਪੱਧਰ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।