ਮੇਅਰ ਨੇ ਪਾਰਕ ’ਚ ਵਿਕਾਸ ਕੰਮ ਸ਼ੁਰੂ ਕਰਵਾਏ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਫੇਜ਼ 4 ਵਿੱਚ ਸਥਿਤ ਬੋਗਨ ਵਿਲਿਆ ਪਾਰਕ ਵਿੱਚ ਯੋਗ ਸ਼ੈੱਡ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਂਹ ਦੇ ਮੌਸਮ ਵਿੱਚ ਲੋਕਾਂ ਨੂੰ ਯੋਗ ਕਰਨ ਵਿੱਚ ਦਿੱਕਤ ਆਉਂਦੀ ਸੀ, ਇਸ ਲਈ 11 ਲੱਖ ਰੁਪਏ ਦੀ ਲਾਗਤ ਨਾਲ ਇਸ ਸ਼ੈੱਡ ਦੀ ਉਸਾਰੀ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਕੌਂਸਲਰ ਰੁਪਿੰਦਰ ਕੌਰ ਰੀਨਾ ਵੀ ਹਾਜ਼ਰ ਅਤੇ ਹੋਰ ਵਾਰਡ ਵਾਸੀ ਹਾਜ਼ਰ ਸਨ। ਇਸੇ ਤਰ੍ਹਾਂ ਮੇਅਰ ਵੱਲੋਂ ਵਾਰਡ ਨੰਬਰ 5 ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਕਰਬ ਚੈਨਲ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ। ਮੇਅਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਕੁਆਲਿਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ ਅਤੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਹੋਣ। ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਉਹ ਵਚਨਬੱਧ ਹਨ ਅਤੇ ਲਗਾਤਾਰ ਇਸ ਲਈ ਉਪਰਾਲੇ ਕਰ ਰਹੇ ਹਨ। ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।
ਕੈਪਸ਼ਨ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਿਕਾਸ ਕੰਮ ਆਰੰਭ ਕਰਾਉਂਦੇ ਹੋਏ। -ਫੋਟੋ: ਚਿੱਲਾ