ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਮਈ
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਵਾਟਰ ਟਰੀਟਮੈਂਟ ਪਲਾਂਟਾਂ ਦੀ ਸਾਰੀ ਪੁਰਾਣੀ ਅਤੇ ਕੰਡਮ ਹੋ ਚੁੱਕੀ ਮਸ਼ੀਨਰੀ ਬਦਲੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਨਿਗਮ ਅਧਿਕਾਰੀਆਂ ਨਾਲ ਇੱਥੋਂ ਦੇ ਫੇਜ਼-6 ਸਥਿਤ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਲਈ 16.38 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਅੰਮ੍ਰਿਤ ਸਕੀਮ ਦੇ ਤਹਿਤ ਮਿਲਿਆ ਹੈ ਜਿਸ ਦੇ ਟੈਂਡਰ ਹੋ ਚੁੱਕੇ ਹਨ ਅਤੇ ਵਰਕ ਆਰਡਰ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕੇਂਦਰ ਸਰਕਾਰ ਨੇ 50 ਫੀਸਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ 30 ਫੀਸਦੀ ਰਾਸ਼ੀ ਸੂਬਾ ਸਰਕਾਰ ਅਤੇ 20 ਫੀਸਦੀ ਰਾਸ਼ੀ ਨਗਰ ਨਿਗਮ ਵੱਲੋਂ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਇੱਥੋਂ ਦੇ ਫੇਜ਼-6 ਅਤੇ ਸੈਕਟਰ-57 ਵਿੱਚ ਵਾਟਰ ਟਰੀਟਮੈਂਟ ਪਲਾਂਟਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਇੱਥੇ ਨਵੀਂ ਮਸ਼ੀਨਰੀ ਲਗਾਈ ਜਾਵੇਗੀ ਜੋ ਕਿ ਆਟੋਮੇਟਿਡ ਹੋਵੇਗੀ। ਇਨ੍ਹਾਂ ਪਲਾਂਟਾਂ ਰਾਹੀਂ ਕਲੋਰੀਨ ਵੀ ਕੰਪਿਊਟਰਾਈਜ਼ਡ ਤਰੀਕੇ ਨਾਲ ਪਾਣੀ ਵਿੱਚ ਮਿਕਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਜੌਲੀ ਤੋਂ ਮੁਹਾਲੀ ਨੂੰ ਮਿਲਣ ਵਾਲਾ ਪਾਣੀ ਨਵੀਂ ਮਸ਼ੀਨਰੀ ਰਾਹੀਂ ਵਧੀਆ ਢੰਗ ਨਾਲ ਸਾਫ ਹੋਵੇਗਾ ਅਤੇ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਨੂੰ ਬੂਸਟ ਕਰਨ ਲਈ ਪੰਜ ਯੂਜੀਐਸਆਰ (ਵਾਟਰ ਬੂਸਟਰ ਪਲਾਂਟ) ਲਗਾਏ ਜਾਣੇ ਹਨ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਕਸੀਅਨ ਹਰਪ੍ਰੀਤ ਸਿੰਘ ਤੇ ਸੁਨੀਲ ਕੁਮਾਰ ਸਮੇਤ ਨਗਰ ਨਿਗਮ ਦੇ ਜਨ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।