ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 22 ਫਰਵਰੀ
ਚੰਡੀਗੜ੍ਹ ਨਗਰ ਨਿਗਮ ਵਿੱਚ ਸ਼ਹਿਰ ਦੇ ਮੇਅਰ ਦੀ ਚੋਣ ਨੂੰ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਦਿੱਤੀ ਚੁਣੌਤੀ ’ਤੇ ਅੱਜ ਸੁਣਵਾਈ ਹੋਈ। ਅਦਾਲਤ ਵੱਲੋਂ ਪਿਛਲੀ ਸੁਣਵਾਈ ਦੌਰਾਨ ਮੇਅਰ ਦੀ ਚੋਣ ਨੂੰ ਲੈ ਕੇ ਸਾਰਾ ਰਿਕਾਰਡ ਪੇਸ਼ ਕਰਨ ਦੇ ਹੁਕਮਾਂ ’ਤੇ ਪ੍ਰਸ਼ਾਸਨ ਵੱਲੋਂ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪ੍ਰਸ਼ਾਸਨ ਵੱਲੋਂ ਮੇਅਰ ਦੀ ਚੋਣ ਸਬੰਧੀ ਪੇਸ਼ ਕੀਤੇ ਗਏ ਰਿਕਾਰਡ ਦੀ ਜਾਂਚ ਕਰਨ ਲਈ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਤੈਅ ਕੀਤੀ ਹੈ।
ਜ਼ਿਕਰਯੋਗ ਹੈ ਚੰਡੀਗੜ੍ਹ ਦੇ ਮੇਅਰ ਦੇ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਕੌਂਸਲਰ ਅੰਜੂ ਕਟਿਆਲ ਸਮੇਤ ਦੋ ਹੋਰ ਕੌਂਸਲਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ ਅਤੇ ਅਤੇ ਪਟੀਸ਼ਨ ਵਿੱਚ ਮਿਲੀਭੁਗਤ ਨਾਲ ਭਾਜਪਾ ਉਮੀਦਵਾਰ ਨੂੰ ਮੇਅਰ ਦੇ ਅਹੁਦੇ ਲਈ ਜੇਤੂ ਕਰਾਰ ਦੇਣ ਦਾ ਦੋਸ਼ ਲਾਇਆ ਗਿਆ ਸੀ।
ਮੇਅਰ ਦੀ ਚੋਣ ਵਿੱਚ ‘ਆਪ’ ਵੱਲੋਂ ਮੇਅਰ ਦੇ ਅਹੁਦੇ ਲਈ ਉਮੀਦਵਾਰ ਅੰਜੂ ਕਟਿਆਲ ਨੂੰ 13 ਅਤੇ ਭਾਜਪਾ ਉਮੀਦਵਾਰ ਸਰਬਜੀਤ ਕੌਰ ਨੂੰ 14 ਵੋਟਾਂ ਪਈਆਂ ਸਨ। ‘ਆਪ’ ਨੇ ਦੋਸ਼ ਲਾਇਆ ਸੀ ਕਿ ਚੋਣ ਅਧਿਕਾਰੀ ਵੱਲੋਂ ਪੱਖਪਾਤ ਕਰ ਕੇ ‘ਆਪ’ ਦੀ ਇੱਕ ਵੋਟ ਨੂੰ ਰੱਦ ਕਰ ਦਿੱਤਾ ਗਿਆ ਸੀ, ਜਿਸ ਨਾਲ ਉਨ੍ਹਾਂ ਦੀ ਉਮੀਦਵਾਰ ਇਹ ਚੋਣ ਹਾਰ ਗਈ। ਮੇਅਰ ਦੀ ਚੋਣ ਦਾ ਕਾਂਗਰਸ ਅਤੇ ਅਕਾਲੀ ਦਲ ਨੇ ਬਾਈਕਾਟ ਕੀਤਾ ਸੀ। ਨਿਗਮ ਵਿੱਚ ‘ਆਪ’ ਦੇ ਸਭ ਤੋਂ ਵੱਧ ਕੌਂਸਲਰ ਹੋਣ ਦੇ ਬਾਵਜੂਦ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ’ਤੇ ਭਾਜਪਾ ਦੇ ਉਮੀਦਵਾਰ ਹੀ ਜੇਤੂ ਰਹੇ ਸਨ।