ਮੇਅਰ ਦਾ ਕਾਰਜਕਾਲ ਪੰਜ ਸਾਲ ਹੋਣਾ ਚਾਹੀਦੈ: ਲੱਕੀ
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੇ ਕਾਰਜਕਾਲ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਛਿੜੇ ਵਿਵਾਦ ਦਰਮਿਆਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਕਿਹਾ ਕਿ ਸ਼ਹਿਰ ਵਿੱਚ ਮੇਅਰ ਦਾ ਕਾਰਜਕਾਲ ਪੰਜ ਸਾਲ ਦਾ ਹੋਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੇਅਰ ਦਾ ਕਾਰਜਕਾਲ ਇੱਕ ਸਾਲ ਦਾ ਹੋਣ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ’ਤੇ ਪ੍ਰਭਾਵ ਪੈਂਦਾ ਹੈ, ਇਸ ਲਈ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਯੂ ਟੀ ਦੀ ਸਲਾਹਕਾਰ ਕੌਂਸਲ ਦੀ ਮੀਟਿੰਗ ਸੱਦ ਕੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਸਮੇਂ-ਸਮੇਂ ’ਤੇ ਪ੍ਰਸ਼ਾਸਕ ਵੱਲੋਂ ਬਣਾਈ ਸਲਾਹਕਾਰ ਕੌਂਸਲ ਦੀ ਮੀਟਿੰਗ ਕੀਤੀ ਜਾਂਦੀ ਹੈ, ਪਰ ਸ਼ਹਿਰ ਵਿੱਚ ਕਾਫੀ ਸਮੇਂ ਤੋਂ ਸਲਾਹਕਾਰ ਕੌਂਸਲ ਦੀ ਮੀਟਿੰਗ ਨਾ ਹੋਣ ਕਰਕੇ ਜਨਹਿੱਤ ਦੇ ਮੁੱਦੇ ਲਟਕੇ ਪਏ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਮੇਅਰ ਦਾ ਕਾਰਜਕਾਲ ਇੱਕ ਸਾਲ ਦਾ ਹੈ, ਜਿਸ ਲਈ ਹਰ ਸਾਲ ਮੇਅਰ ਦੀ ਚੋਣ ਕੀਤੀ ਜਾਂਦੀ ਹੈ।
ਸ੍ਰੀ ਲੱਕੀ ਨੇ ਕਿਹਾ ਕਿ ਅੱਜ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖਸਤਾ ਹੋ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਲਾਲ ਡੋਰਾ ਵਧਾਉਣ, ਲੈਂਡ ਪੂਲਿੰਗ ਨੀਤੀ ਲਿਆਉਣ, ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਕੀਤੀ ਗਈ ਉਸਾਰੀਆਂ ਨੂੰ ਰੈਗੂਲਰ ਕਰਨ ਸਣੇ ਵਧੇਰੇ ਮਾਮਲੇ ਲਟਕ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਉਦਯੋਗਿਕ ਖੇਤਰ ਦੇ ਲੋਕਾਂ ਵੱਲੋਂ ਲੀਜ਼ ਹੋਲਡ ਦੀਆਂ ਜਾਇਦਾਦਾਂ ਨੂੰ ਫਰੀ ਹੋਲਡ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਸ਼ੇਅਰ ਵਾਈਜ਼ ਜਾਇਦਾਦਾਂ ਦੀ ਰਜਿਸਟਰੇਸ਼ਨ ’ਤੇ ਲੱਗੀ ਰੋਕ ਕਰਕੇ ਵੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ੍ਰੀ ਲੱਕੀ ਨੇ ਮੰਗ ਕੀਤੀ ਕਿ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਕੌਂਸਲ ਦੀ ਮੀਟਿੰਗ ਜਲਦ ਕਰ ਕੇ ਇਨ੍ਹਾਂ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇ।
