ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 25 ਅਗਸਤ
ਮੁਹਾਲੀ ਅਦਾਲਤ ਨੇ ਮੈਗਾ ਹਾਊਸਿੰਗ ਗਰੁੱਪ ਸੰਨੀ ਐਨਕਲੇਵ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਨੂੰ ਰਾਹਤ ਦਿੰਦਿਆਂ ਧੋਖਾਧੜੀ ਦੇ ਦੋ ਕਥਿਤ ਮਾਮਲਿਆਂ ਵਿੱਚ ਕਲੋਨਾਈਜ਼ਰ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਬਾਜਵਾ ’ਤੇ ਆਪਣੇ ਮੈਗਾ ਹਾਊਸਿੰਗ ਪ੍ਰਾਜੈਕਟਾਂ ਵਿੱਚ ਸ਼ਿਕਾਇਤਕਰਤਾਵਾਂ ਨੂੰ ਪੈਸੇ ਲੈ ਕੇ ਪਲਾਟ ਨਾ ਦੇਣ ਦਾ ਦੋਸ਼ ਹੈ। ਇਸ ਸਬੰਧੀ ਉਸ ਦੇ ਖ਼ਿਲਾਫ਼ ਖਰੜ ਥਾਣੇ ਵਿੱਚ ਧਾਰਾ 406 ਤੇ 420 ਤਹਿਤ ਕੇਸ ਦਰਜ ਹੈ ਜਦੋਂਕਿ ਧੋਖਾਧੜੀ ਦੇ ਇਕ ਮਾਮਲੇ ਵਿੱਚ ਬਾਜਵਾ ਨੂੰ ਧਾਰਾ 120ਬੀ ਅਧੀਨ ਨਾਮਜ਼ਦ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਬਾਜਵਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਉਸ ਨੂੰ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਭੇਜਣ ਦੀ ਬਜਾਏ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਬਣਾਏ ਗਏ ਵਿਸ਼ੇਸ਼ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ।
ਕਲੋਨਾਈਜ਼ਰ ਜਰਨੈਲ ਬਾਜਵਾ ਨੇ ਆਪਣੇ ਵਕੀਲ ਰਣਜੀਤ ਸਿੰਘ ਰਾਏ ਰਾਹੀਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅੱਜ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਬਾਜਵਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ। ਬਚਾਅ ਪੱਖ ਨੇ ਉਸਾਰੂ ਦਲੀਲਾਂ ਪੇਸ਼ ਕਰਦਿਆਂ ਪੁਲੀਸ ’ਤੇ ਝੂਠਾ ਕੇਸ ਦਰਜ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਪੁਲੀਸ ਨੇ ਜਿਹੜੇ ਦੋ ਕੇਸ ਦਰਜ ਕੀਤੇ ਹਨ, ਉਹ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹਨ।
ਬਚਾਅ ਪੱਖ ਨੇ ਕਿਹਾ ਕਿ ਪਹਿਲੇ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਬਾਜਵਾ ਨੂੰ ਬਦਨਾਮ ਕਰਨ ਲਈ ਝੂਠੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਸਬੰਧਤ ਪਲਾਟ ਦੇ ਪੂਰੇ ਪੈਸੇ ਨਾ ਦੇਣ ਕਾਰਨ ਰਜਿਸਟਰੀ ਨਹੀਂ ਕਰਵਾਈ ਜਾ ਸਕੀ ਹੈ। ਇਸ ਸਬੰਧੀ ਪਹਿਲਾਂ ਉਸ ਨੂੰ ਪੱਤਰ ਲਿਖ ਕੇ ਬਕਾਇਆ ਜਮ੍ਹਾਂ ਕਰਵਾਉਣ ਲਈ ਆਖਿਆ ਗਿਆ ਸੀ। ਇਸ ਮਗਰੋਂ ਉਸ ਨੂੰ ਨੋਟਿਸ ਭੇਜਿਆ ਗਿਆ ਪਰ ਇਸ ਦੇ ਬਾਵਜੂਦ ਸ਼ਿਕਾਇਤਕਰਤਾ ਵੱਲੋਂ ਬਕਾਇਆ ਪੈਸੇ ਜਮ੍ਹਾਂ ਨਹੀਂ ਕਰਵਾਏ ਗਏ।
ਉਧਰ, ਦੂਜੇ ਮਾਮਲੇ ਵਿੱਚ ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਕ ਪਾਰਟੀ ਨੇ ਸੰਨੀ ਐਨਕਲੇਵ ਵਿੱਚ ਪਲਾਟ ਲੈਣ ਲਈ ਬਾਜਵਾ ਨਾਲ ਐਗਰੀਮੈਂਟ ਕੀਤਾ ਸੀ ਪਰ ਖਰੀਦਦਾਰਾਂ ਨੇ ਐਗਰੀਮੈਂਟ ’ਤੇ ਹੀ ਸਬੰਧਤ ਪਲਾਟ ਅੱਗੇ ਕਿਸੇ ਹੋਰ ਨੂੰ ਵੇਚ ਦਿੱਤਾ ਅਤੇ ਬਾਅਦ ਵਿੱਚ ਦੋਵਾਂ ਪਾਰਟੀਆਂ ਵਿੱਚ ਅਣਬਣ ਹੋ ਗਈ। ਇਸ ਕਾਰਨ ਪਲਾਟ ਦੀ ਰਜਿਸਟਰੀ ਨਹੀਂ ਹੋ ਸਕੀ। ਪੀੜਤ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਪੁਲੀਸ ਨੇ ਧਾਰਾ 120-ਬੀ ਦੇ ਤਹਿਤ ਬਾਜਵਾ ਨੂੰ ਨਾਮਜ਼ਦ ਕਰ ਲਿਆ ਸੀ।
ਜਾਂਚ ਅਧਿਕਾਰੀ ਵੱਲੋਂ ਜ਼ਮਾਨਤ ਦਾ ਵਿਰੋਧ
ਜਾਂਚ ਅਧਿਕਾਰੀ ਨੇ ਜਰਨੈਲ ਸਿੰਘ ਬਾਜਵਾ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਲਿਖਤੀ ਸ਼ਿਕਾਇਤਾਂ ਨੂੰ ਆਧਾਰ ਬਣਾ ਕੇ ਕਲੋਨਾਈਜ਼ਰ ਖ਼ਿਲਾਫ਼ ਧੋਖਾਧੜੀ ਦੇ ਕੇਸ ਦਰਜ ਕੀਤੇ ਗਏ ਹਨ। ਪੁਲੀਸ ਦਾ ਕਹਿਣਾ ਸੀ ਕਿ ਬਾਜਵਾ ਨੇ ਪੈਸੇ ਲੈ ਕੇ ਸਬੰਧਤ ਸ਼ਿਕਾਇਕਰਤਾਵਾਂ ਨੂੰ ਪਲਾਟਾਂ ਦਾ ਕਬਜ਼ਾ ਨਹੀਂ ਦਿੱਤਾ ਅਤੇ ਨਾ ਹੀ ਰਜਿਸਟਰੀਆਂ ਕਰਵਾਈਆਂ ਗਈਆਂ ਹਨ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਰਨੈਲ ਬਾਜਵਾ ਦੀ ਜ਼ਮਾਨਤ ਮਨਜ਼ੂਰ ਕਰ ਲਈ।