ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਮੀਟਿੰਗ
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਆਬਜ਼ਰਵਰ ਹਨ, ਨੇ ਅੱਜ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਮੱਦੇਨਜ਼ਰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਸੰਗਠਨ ਇੰਚਾਰਜਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਇਨ੍ਹਾਂ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਤਿਆਰੀ ਅਤੇ ਰਣਨੀਤੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਭ ਤੋਂ ਵਧੀਆ ਮੌਕਾ ਹੈ। ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗ, ਮਿਹਨਤੀ ਅਤੇ ਲੋਕਾਂ ਵਿੱਚ ਹਰਮਨ ਪਿਆਰੇ ਉਮੀਦਵਾਰਾਂ ਦੀ ਚੋਣ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਹਰਜੀਤ ਮਾਂਗਟ, ਨਵਜੋਤ ਜਰਗ ਆਬਜ਼ਰਵਰ, ਹਲਕਾ ਇੰਚਾਰਜ ਅਵਤਾਰ ਟੈਣੀ ਅਤੇ ਅਮਲੋਹ ਦਫਤਰ ਇੰਚਾਰਜ ਲਤਾ ਠਾਕੁਰ ਹਾਜ਼ਰ ਸਨ।
