ਪੱਤਰ ਪ੍ਰੇਰਕ
ਚੰਡੀਗੜ੍ਹ, 4 ਅਕਤੂਬਰ
ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੀ ਸਕੱਤਰੇਤ ਪ੍ਰਸ਼ਾਸਨ ਨਾਲ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮਾਂ ਦੇ ਕਈ ਮਸਲਿਆਂ ਬਾਰੇ ਗੰਭੀਰ ਚਰਚਾ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੂੰ ਮੁਲਾਜ਼ਮ ਮੰਗਾਂ ਬਾਰੇ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਆਈ.ਏ.ਐਸ. ਅਤੇ ਹੋਰ ਅਧਿਕਾਰੀਆਂ ਨਾਲ ਸਕੱਤਰੇਤ ਵਿੱਚ ਮੁਲਾਜ਼ਮਾਂ ਲਈ ਮੈਡੀਕਲ ਕੈਸ਼ਲੈੱਸ ਸਕੀਮ ਸ਼ੁਰੂ ਕਰਨ ਸਬੰਧੀ, ਮੁਲਾਜ਼ਮਾਂ ਦੀ ਸਹੂਲਤ ਲਈ ਸ਼ਿਮਲਾ ਵਿੱਚ ਸੀਡਾਰ ਸਰਕਟ ਹਾਊਸ ਚਾਲੂ ਕਰਨ, ਸਕੱਤਰੇਤ ਦੇ ਮੁਲਾਜ਼ਮਾਂ ਵਾਸਤੇ ਸਰਕਾਰੀ ਮਕਾਨਾਂ ਲਈ ਫਿਕਸ ਕੋਟਾ ਨਿਰਧਾਰਤ ਕਰਨ ਤੇ ਸਕੱਤਰੇਤ ਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ ਸਣੇ ਹੋਰ ਮਸਲਿਆਂ ਬਾਰੇ ਚਰਚਾ ਕੀਤੀ ਗਈ। ਸ੍ਰੀ ਰੰਧਾਵਾ ਨੇ ਦੱਸਿਆ ਕਿ ਸਕੱਤਰ ਅਤੇ ਸਮੂਹ ਅਧਿਕਾਰੀਆਂ ਨੇ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਹਰ ਮਸਲੇ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਸਕੱਤਰ ਨੇ ਇਨ੍ਹਾਂ ਮੰਗਾਂ ਬਾਰੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ।