ਸੰਸਦ ਮੈਂਬਰ ਵੱਲੋਂ ਖਰੜ ਮੰਡੀ ਤੇ ਤਹਿਸੀਲ ਦਫ਼ਤਰ ਦਾ ਦੌਰਾ
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸਥਾਨਕ ਅਨਾਜ ਮੰਡੀ ਅਤੇ ਤਹਿਸੀਲ ਦਫ਼ਤਰ ਦਾ ਅਚਾਨਕ ਦੌਰਾ ਕਰ ਕੇ ਖ਼ਰੀਦ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦਾ ਜਾਇਜ਼ਾ ਲਿਆ। ਖਰੜ ਅਨਾਜ ਮੰਡੀ ਵਿੱਚ ਸੰਸਦ ਮੈਂਬਰ ਨੇ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਨਿਰੀਖਣ ਕੀਤਾ ਅਤੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲ ਨਾ ਆਵੇ।
ਸੰਸਦ ਮੈਂਬਰ ਕੰਗ ਨੇ ਖਰੜ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਸੇਵਾ ਕੇਂਦਰ, ਸਬ-ਰਜਿਸਟਰਾਰ ਦਫ਼ਤਰ ਅਤੇ ਤਹਿਸੀਲਦਾਰ ਦਫ਼ਤਰ ਦੇ ਕੰਮਕਾਜ ਦਾ ਜਾਇਜ਼ਾ ਲਿਆ। ਮੁਹਾਲੀ ਜ਼ਿਲ੍ਹੇ ਵਿੱਚ ਡੀਡ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਲਈ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਸਬ-ਰਜਿਸਟਰਾਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਇਸ ਦੇ ਲਾਭ ਸਾਰੇ ਲੋਕਾਂ ਤੱਕ ਯਕੀਨੀ ਪਹੁੰਚਣ। ਉਨਾਂ ਕਿਹਾ ਕਿ ਮਾਲ ਦਸਤਾਵੇਜ ਅਤੇ ਸਬੰਧਿਤ ਪ੍ਰਕਿਰਿਆਵਾਂ ਨੂੰ ਜਨਤਾ ਨੂੰ ਬਿਨਾਂ ਕਿਸੇ ਅਸੁਵਿਧਾ ਤੋਂ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਮੌਕੇ ਐੱਸ ਡੀ ਐੱਮ ਖਰੜ ਦਿਵਿਆ ਪੀ ਅਤੇ ਤਹਿਸੀਲਦਾਰ ਗੁਰਵਿੰਦਰ ਕੌਰ ਹਾਜ਼ਰ ਸਨ।