ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 29 ਮਈ
ਸੂਬੇ ’ਚ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ ਬਾਰ੍ਹਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ ਵਿੱਚ 91 ਫੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਇਸ ਸਬੰਧੀ ਪੰਜਾਬ ਭਰ ਵਿੱਚ ਕੁੱਲ 65 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਸੀ। ਇਸ ਸਬੰਧੀ ਮੀਡੀਆ ਨਾਲ ਦੇਰ ਸ਼ਾਮ ਜਾਣਕਾਰੀ ਸਾਂਝੀ ਕਰਦਿਆਂ ਮੈਰੀਟੋਰੀਅਸ ਸੁਸਾਇਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਡਿਪਟੀ ਸਟੇਟ ਪ੍ਰਾਜੈਕਟ ਡਾਇਰੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਉਚਿਤ ਗਿਣਤੀ ਵਿੱਚ ਨਿਗਰਾਨ ਸਟਾਫ਼ ਅਤੇ ਚੈਕਿੰਗ ਟੀਮਾਂ ਦੇ ਪ੍ਰਬੰਧ ਕੀਤੇ ਗਏ ਸਨ।
ਪ੍ਰੀਖਿਆ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ (ਡੀਜੀਐੱਸਈ) ਪ੍ਰਦੀਪ ਕੁਮਾਰ ਅਗਰਵਾਲ ਨੇ ਸਮੂਹ ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਦਾਖ਼ਲਾ ਮੁਕਾਬਲਾ ਪ੍ਰੀਖਿਆ ਪਾਸ ਕਰਕੇ ਕੌਂਸਲਿੰਗ ਵਿੱਚ ਸ਼ਾਮਲ ਹੋਣਗੇ, ਉਨ੍ਹਾਂ ਲਈ ਪ੍ਰੀਖਿਆ ਵਾਲਾ ਰੋਲ ਨੰਬਰ ਅਤੇ ਐਡਮਿਟ ਕਾਰਡ ਕੌਂਸਲਿੰਗ ਸਮੇਂ ਨਾਲ ਲਿਆਉਣਾ ਵੀ ਜ਼ਰੂਰੀ ਹੋਵੇਗਾ।