ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਅਗਸਤ
ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਤਹਿਤ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਇਸ ਸਬੰਧੀ ਮੁਹਾਲੀ ਦੇ ਸੈਕਟਰ-68 ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਕੀਤੇ ਜਾ ਰਹੇ 148 ਵੈਟਰਨਰੀ ਇੰਸਪੈਕਟਰਾਂ ’ਚੋਂ ਜਿਨ੍ਹਾਂ ਉਮੀਦਵਾਰਾਂ ਦੀ ਵੈਰੀਫਿਕੇਸ਼ਨ ਮੁਕੰਮਲ ਹੋ ਚੁੱਕੀ ਹੈ, ਉਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਬਾਕੀ 119 ਹੋਰ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਸ੍ਰੀ ਭੁੱਲਰ ਨੇ ਦੱਸਿਆ ਕਿ 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ’ਚ ਹੋਰ ਵੈਟਰਨਰੀ ਇੰਸਪੈਕਟਰਾਂ ਤੇ ਸਟਾਫ਼ ਦੀ ਭਰਤੀ ਲਈ ਛੇਤੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਯੋਗਤਾ ਅਨੁਸਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਜਾਰੀ ਰੱਖਣ। ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ, ਡਾਇਰੈਕਟਰ ਡੇਅਰੀ ਡਾ. ਕੁਲਦੀਪ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।