ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਇੱਥੇ ਸੁਖਨਾ ਝੀਲ ਵਿਖੇ ਲੰਘੀ ਸ਼ਾਮ ਸ਼ਰਾਬ ਪੀ ਰਹੇ ਤਿੰਨ ਨੌਜਵਾਨਾਂ ਨੂੰ ਰੋਕਣ ’ਤੇ ਉਨ੍ਹਾਂ ਪੁਲੀਸ ਮੁਲਾਜ਼ਮ ਨਾਲ ਦੁਰਵਿਵਹਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ, ਵਰਿੰਦਰ ਅਤੇ ਨਵੀਨ ਵਾਸੀਆਨ ਜੀਂਦ ਵਜੋਂ ਹੋਈ ਹੈ। ਇਹ ਕੇਸ ਕਾਂਸਟੇਬਲ ਅਨਿਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਤਿੰਨੋਂ ਮੁਲਜ਼ਮ ਸੁਖਨੀ ਝੀਲ ’ਤੇ ਬੈਠੇ ਸ਼ਰਾਬ ਪੀਂਦੇ ਹੋਏ ਹੰਗਾਮਾ ਕਰ ਰਹੇ ਸਨ ਜਿਨ੍ਹਾਂ ਨੂੰ ਰੋਕਣ ’ਤੇ ਉਨ੍ਹਾਂ ਪੁਲੀਸ ਨਾਲ ਦੁਰਵਿਵਹਾਰ ਕੀਤਾ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ। ਥਾਣਾ ਸੈਕਟਰ-3 ਦੀ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਵੱਖਰੇ ਮਾਮਲੇ ’ਚ ਥਾਣਾ ਸੈਕਟਰ-34 ਦੀ ਪੁਲੀਸ ਨੇ ਸਤੀਸ਼ ਵਾਸੀ ਸੈਕਟਰ-45 ਬੁੜ੍ਹੈਲ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਬੁੜ੍ਹੈਲ ਵਿੱਚ ਗੁੱਗਾ ਮਾੜੀ ਦੇ ਨਜ਼ਦੀਕ ਬੈਠਾ ਸ਼ਰਾਬ ਪੀ ਰਿਹਾ ਸੀ। ਥਾਣਾ ਸੈਕਟਰ-34 ਦੀ ਪੁਲੀਸ ਨੇ ਮੁਲਜ਼ਮ ਨੂੰ ਜਨਤਕ ਥਾਂ ’ਤੇ ਸ਼ਰਾਬ ਪੀਣ ਸਬੰਧੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।