ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 20 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗਲਾਤ ਖੇਤਰ ਨੂੰ ਵਧਾਉਣ ਅਤੇ ਨਾਗਰਿਕਾਂ ਵਿੱਚ ਹਰਿਆਵਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਣ ਮੰਡਲ ਵਿਭਾਗ, ਨਗਰ ਨਿਗਮ, ਸਮੂਹ ਨਗਰ ਕੌਂਸਲਾਂ ਅਤੇ ਹੋਰਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਤਲਵਾੜ ਨੇ ਦੱਸਿਆ ਕਿ ਬਰਸਾਤ ਦੇ ਸੀਜ਼ਨ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ 2 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੇ ਤਹਿਤ ਹੁਣ ਤੱਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ 33 ਫ਼ੀਸਦੀ ਪੌਦੇ ਲਗਾਏ ਜਾ ਚੁੱਕੇ ਹਨ ਅਤੇ ਇਹ ਟੀਚਾ ਪੂਰਾ ਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ‘ਆਜ਼ਾਦੀ ਦਾ 75ਵਾਂ ਅੰਮ੍ਰਿਤ ਮਹਾਉਤਸਵ’ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ 75 ਨਾਨਕ ਬਗੀਚੀਆਂ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ।