ਹਰਜੀਤ ਸਿੰਘ
ਡੇਰਾਬਸੀ, 8 ਜੂਨ
ਹਲਕਾ ਵਿਧਾਇਕ ਐਨ.ਕੇ. ਸ਼ਰਮਾ ਵੱਲੋਂ ਅੱਜ ਪਿੰਡ ਭਾਂਖਰਪੁਰ ਵਿਖੇ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਗਿਆ। ਉਨ੍ਹਾਂ ਮੌਕੇ ‘ਤੇ ਛਾਪਾ ਮਾਰ ਕੇ ਨਾਜਾਇਜ਼ ਖਣਨ ਕਰ ਰਹੀਆਂ ਤਿੰਨ ਜੇਸੀਬੀ ਮਸ਼ੀਨਾਂ ਨੂੰ ਫੜ ਕੇ ਪੁਲੀਸ ਹਵਾਲੇ ਕੀਤਾ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂਆਂ ਦੀ ਸ਼ਹਿ ’ਤੇ ਹਲਕਾ ਡੇਰਾਬੱਸੀ ਵਿੱਚ ਨਾਜਾਇਜ਼ ਖਣਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਕਾਂਗਰਸੀ ਆਗੂਆਂ ਦੀ ਸ਼ਹਿ ’ਤੇ ਨਾਜਾਇਜ਼ ਸ਼ਰਾਬ ਵਿਰਕੀ ਦੇ ਗੋਰਖਧੰਦਾ ਦਾ ਖੁਲਾਸਾ ਕਰ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਇਥੋਂ ਦੇ ਪਿੰਡ ਭਾਂਖਰਪੁਰ ਵਿੱਚ ਲੰਘੇ ਕਈ ਦਿਨਾਂ ਤੋਂ ਘੱਗਰ ਨਦੀ ਅਤੇ ਨੇੜਲੀਆਂ ਜ਼ਮੀਨਾਂ ਵਿੱਚ ਵੱਡੇ ਪੱਧਰ ’ਤੇ ਨਾਜਾਇਜ਼ ਖਣਨ ਹੋ ਰਿਹਾ ਹੈ। ਪਿੰਡ ਦੀ ਪੰਚਾਇਤ ਸਮੇਤ ਹੋਰਨਾਂ ਪਿੰਡ ਵਾਸੀਆਂ ਵੱਲੋਂ ਕਈ ਵਾਰ ਲਿਖਤੀ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ। ਇਸ ਮਾਮਲੇ ਗੰਭੀਰ ਨੋਟਿਸ ਲੈਂਦਿਆਂ ਅੱਜ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਵੱਲੋਂ ਫੇਸਬੁੱਕ ‘ਤੇ ਲਾਈਵ ਹੋ ਕੇ ਪਿੰਡ ਭਾਂਖਰਪੁਰ ’ਚ ਛਾਪਾ ਮਾਰਿਆ। ਇਸ ਦੌਰਾਨ ਮੌਕੇ ‘ਤੇ ਚਾਰ ਜੇਸੀਬੀ ਮਸ਼ੀਨਾਂ ਰਾਹੀਂ ਨਾਜਾਇਜ਼ ਖਣਨ ਕੀਤਾ ਜਾ ਰਿਹਾ ਸੀ। ਇਨ੍ਹਾਂ ਵਿੱਚੋਂ ਇਕ ਚਾਲਕ ਜੇਸੀਬੀ ਮਸ਼ੀਨ ਲੈ ਕੇ ਫ਼ਰਾਰ ਹੋ ਗਿਆ ਜਦਕਿ ਤਿੰਨ ਚਾਲਕ ਜੇਸੀਬੀ ਮਸ਼ੀਨਾਂ ਮੌਕੇ ‘ਤੇ ਛੱਡ ਕੇ ਫ਼ਰਾਰ ਹੋ ਗਏ। ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਊਹ ਹਲਕਾ ਡੇਰਾਬੱਸੀ ਵਿੱਚ ਕਾਂਗਰਸੀ ਆਗੂਆਂ ਦੀ ਸਮੂਲਿਅਤ ਨਾਲ ਚਲ ਰਹੇ ਸਾਰੇ ਗੈਰ ਕਾਨੂੰਨੀ ਧੰਦਿਆਂ ਦਾ ਪਰਦਾਫਾਸ਼ ਕਰਨਗੇ। ਮੌਕੇ ’ਤੇ ਪਹੁੰਚੇ ਥਾਣਾ ਮੁਖੀ ਸਹਾਇਕ ਇੰਸਪੈਕਟਰ ਸਤਿੰਦਰ ਸਿੰਘ ਨੇ ਕਿਹਾ ਕਿ ਜੇਸੀਬੀ ਮਸ਼ੀਨਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।