ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 8 ਮਈ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਦੇ ਪਿੰਡ ਬਲੌਂਗੀ ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਸੀਜ਼ਨ ਦੌਰਾਨ ਬਲੌਂਗੀ ਵਾਸੀਆਂ ਦੀ ਪਿਆਸ ਬੁਝਾਉਣ ਲਈ ਦੋ ਹੋਰ ਟਿਊਬਵੈੱਲ ਲਾਏ ਜਾਣਗੇ ਅਤੇ ਫਿਰਨੀ ਦੀ ਸੜਕ ਨੂੰ ਜਲਦੀ ਬਣਾਇਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫ਼ਤਵਾ ਦੇ ਕੇ ਸੱਤਾ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖ਼ਰਾ ਉਤਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਮਹੀਨੇ ਦੇ ਅੰਦਰ-ਅੰਦਰ ਬਲੌਂਗੀ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਹੈ, ਜਦੋਂਕਿ ਕਾਂਗਰਸ ਸਰਕਾਰ ਨੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਲੋਕਾਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਰਪੰਚ ਬਹਾਦਰ ਸਿੰਘ, ਸਾਬਕਾ ਸਰਪੰਚ ਭਿੰਦਰਜੀਤ ਕੌਰ, ਤਰਨਜੀਤ ਸਿੰਘ, ਸਤਵਿੰਦਰ ਸਿੰਘ, ਕੌਮਾਂਤਰੀ ਖਿਡਾਰੀ, ਹਰਜੋਤ ਗੱਬਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਸਮਾਜ ਸੇਵੀ ਹਰਬਿੰਦਰ ਸਿੰਘ, ਜਸਪਾਲ ਸਿੰਘ ਮਟੌਰ, ਬੀਸੀ ਪ੍ਰੇਮੀ, ਹਰਮਨ ਬੂਟਰ, ਵਿੱਕੀ ਬਲੌਂਗੀ, ਰਣਜੀਤ ਸਿੰਘ, ਆਰਐੱਸ ਢਿੱਲੋਂ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।