ਵਿਧਾਇਕ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਪ੍ਰਾਜੈਕਟ ਦਾ ਆਗਾਜ਼
ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਮੌਜੂਦਗੀ ਵਿੱਚ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਹਿੱਸੇ ਵਿੱਚ 5178 ਲੱਖ ਨਾਲ ਲੱਗਣ ਵਾਲੇ ਸੀਸੀਟੀਵੀ ਕੈਮਰਿਆਂ ਦੇ ਪ੍ਰਾਜੈਕਟ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ਼ਹਿਰ ਵਿੱਚ 50 ਅਤਿ ਆਧੁਨਿਕ ਤਕਨਾਲੋਜੀ ਵਾਲੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ ਜਿਨ੍ਹਾਂ ਵਿੱਚੋਂ 5 ਕੈਮਰੇ ਅਜਿਹੇ ਹਨ ਜਿਨ੍ਹਾਂ ਰਾਹੀਂ ਵਾਹਨਾਂ ਦੀ ਨੰਬਰ ਪਲੇਟ ਦੀ ਦੂਰੋਂ ਵੀ ਟਰੇਸਿੰਗ ਸੰਭਵ ਹੋ ਸਕੇਗੀ। ਉਨ੍ਹਾਂ ਕਿਹਾ ਕਿ ਜੁਰਮ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਇਹ ਕੈਮਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਐੱਸਐੱਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਨਸ਼ਾਖੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਮੇਂ ਸਮੇਂ ’ਤੇ ਦੁਕਾਨਦਾਰਾਂ, ਬੈਂਕਾਂ ਨੂੰ ਅਜਿਹੇ ਕੈਮਰੇ ਲਗਵਾਏ ਜਾਣ ਦੀਆਂ ਹਦਾਇਤਾਂ ਕੀਤੀਆਂ ਸਨ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਕਾਰਜ ਸਾਧਕ ਅਫ਼ਸਰ ਚੇਤਨ ਸ਼ਰਮਾ ਅਤੇ ਪਾਰਟੀ ਵਰਕਰ ਹਾਜ਼ਰ ਸਨ।