ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਪੁਰਾਣਾ ਸਰਹਿੰਦ ਵਿੱਚ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 8 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਅਤੇ ਇਸ ਨਾਲ ਲੋੋਕਾਂ ਨੂੰ ਜਿੱਥੇ ਪੀਣ ਵਾਲਾ ਪਾਣੀ ਮਿਲੇਗਾ, ਉਥੇ ਸੀਵਰੇਜ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।
ਉਨ੍ਹਾਂ ਦੱਸਿਆ ਕਿ ਬ੍ਰਾਹਮਣਮਾਜਰਾ ਤੇ ਤਲਾਣੀਆ ਨਜ਼ਦੀਕ ਵੀ ਇੱਕ-ਇੱਕ ਟਿਊਬਵੈੱਲ ਲਗਾਇਆ ਜਾਵੇਗਾ। ਇਸ ਪ੍ਰਾਜੈਕਟ ਵਿੱਚ ਦੋ ਟਿਊਬਵੈੱਲਾਂ ਤੋਂ ਇਲਾਵਾ ਪਾਣੀ ਦੀ ਟੈਂਕੀ ਅਤੇ ਪਾਣੀ ਤੇ ਸੀਵਰੇਜ ਪਾਈਪਲਾਈਨਾਂ ਨੂੰ ਪਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਵਧਦੀ ਆਬਾਦੀ ਨੂੰ ਦੇਖਦਿਆਂ ਨਗਰ ਕੌਂਸਲ ਦਾ ਘੇਰਾ ਵਧੇਗਾ, ਉੱਥੇ ਲੋਕਾਂ ਦੀ ਲੋੜ ਅਨੁਸਾਰ ਸੀਵਰੇਜ ਅਤੇ ਪਾਣੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਉਦਮ ਕੀਤੇ ਜਾਣਗੇ।