ਪੀ.ਪੀ ਵਰਮਾ
ਪੰਚਕੂਲਾ 20, ਮਈ
ਹਰਿਆਣਾ ਦੀ ਕਾਲਕਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਪ੍ਰਦੀਪ ਚੌਧਰੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ ਜਿਸ ਕਾਰਨ ਕਾਲਕਾ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਨਹੀਂ ਹੋ ਸਕੇਗੀ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਹਿਮਾਚਲ ਪ੍ਰਦੇਸ਼ ਦੀ ਇਕ ਅਦਾਲਤ ਨੇ ਵਿਧਾਇਕ ਪ੍ਰਦੀਪ ਚੌਧਰੀ ਖਿਲਾਫ ਫੈਸਲਾ ਸੁਣਾਇਆ, ਜਿਸ ਵਿੱਚ ਪ੍ਰਦੀਪ ਚੌਧਰੀ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਉਸ ਨੂੰ ਤਿੰਨ ਸਾਲ ਕੈਦ ਅਤੇ 85 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਪ੍ਰਦੀਪ ਚੌਧਰੀ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਉਪਰਲੀ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ। ਇਸ ਆਰਡਰ ਕਾਪੀ ਦੇ ਅਧਾਰ ‘ਤੇ ਪ੍ਰਦੀਪ ਚੌਧਰੀ ਸਪੀਕਰ ਨੂੰ ਮਿਲੇ ਅਤੇ ਮੈਂਬਰੀ ਬਹਾਲ ਕਰਨ ਦੀ ਮੰਗ ਕੀਤੀ। ਕਾਨੂੰਨੀ ਰਾਏ ਲੈਣ ਤੋਂ ਬਾਅਦ ਸਪੀਕਰ ਵੱਲੋਂ ਵਿਧਾਇਕ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ।