ਹਰਜੀਤ ਸਿੰਘ
ਜ਼ੀਰਕਪੁਰ, 14 ਅਪਰੈਲ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਕੌਂਸਲ ਅਧਿਕਾਰੀਆਂ ਦੀ ਜਾਣ-ਪਛਾਣ ਕਰਵਾਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕੰਮਕਾਜ ਦੇ ਪੁਰਾਣੇ ਢੰਗ ਬਦਲ ਕੇ ਇਸ ਸਰਕਾਰ ਦੀ ਨੀਤੀਆਂ ਤਹਿਤ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ। ਭ੍ਰਿਸ਼ਟਚਾਰ ਨੂੰ ਕਿਸੇ ਕੀਮਤ ’ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਵਾਸੀਆਂ ਨੂੰ ਸਾਫ਼ ਪਾਣੀ ਦੀ ਸਪਲਾਈ, ਸਫ਼ਾਈ ਦੇ ਪ੍ਰਬੰਧ ਕਰਨ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਰੰਧਾਵਾ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ।
ਮੀਟਿੰਗ ਵਿੱਚ ਕਾਂਗਰਸ ਦੇ ਤਿੰਨ ਕੌਂਸਲਰ ਰਹੇ ਹਾਜ਼ਰ
‘ਆਪ’ ਵੱਲੋਂ ਨਗਰ ਕੌਂਸਲ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਕਾਂਗਰਸ ਦੇ ਤਿੰਨ ਕੌਂਸਲਰ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਵੱਡੀ ਸਿਆਸੀ ਚਰਚਾ ਛੇੜ ਦਿੱਤੀ ਹੈ। ਇਨ੍ਹਾਂ ਕੌਂਸਲਰਾਂ ਵਿੱਚ ਕੌਂਸਲਰ ਹਰਜੀਤ ਸਿੰਘ ਮਿੰਟਾ, ਅਜੀਤਪਾਲ ਸਿੰਘ ਤੇ ਨੇਹਾ ਸ਼ਰਮਾ ਦੇ ਪਤੀ ਮਨੀ ਸ਼ਰਮਾ ਸ਼ਾਮਲ ਹਨ। ਹਰਜੀਤ ਸਿੰਘ ਮਿੰਟਾ ਕੌਂਸਲ ਚੋਣਾਂ ਮਗਰੋਂ ਕੌਂਸਲ ਪ੍ਰਧਾਨ ਦੇ ਮੁੱਖ ਦਾਅਵੇਦਾਰ ਸੀ। ਚੋਣਾਂ ਤੋਂ ਬਾਅਦ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਲੜਕੇ ਉਦੈਵੀਰ ਸਿੰਘ ਢਿੱਲੋਂ ਨੂੰ ਪ੍ਰਧਾਨ ਚੁਣਿਆ ਗਿਆ ਸੀ। ਗੱਲ ਕਰਨ ’ਤੇ ਕੌਂਸਲਰ ਹਰਜੀਤ ਸਿੰਘ ਮਿੰਟਾ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਮੀਟਿੰਗ ਵਿੱਚ ਹਿੱਸਾ ਲੈਣ ਲਈ ਗਏ ਸਨ ਤਾਂ ਜੋ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਾ ਆਵੇ।